ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 1 ਅਗਸਤ
ਵਿਜੀਲੈਂਸ ਬਿਊਰੋ ਨੇ ਰਜਿਸਟਰੀ ਕਲਰਕ-ਕਮ-ਰੀਡਰ ਵਜੋਂ ਤਾਇਨਾਤ ਗੁਰਬਖਸ਼ ਸਿੰਘ ਨੂੰ 20,000 ਰੁਪਏ ਕਥਿਤ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਅਰਪਨ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਰਜਿਸਟਰੀ ਕਲਰਕ ਨੇ ਸ਼ਿਕਾਇਤਕਰਤਾ ਦੀ ਜੱਦੀ ਜ਼ਮੀਨ ਦੇ ਇੰਤਕਾਲ ਵਿੱਚ ਉਸਦੇ ਪਿਤਾ ਦੇ ਨਾਂ ਦੀ ਦਰੁਸਤੀ ਲਈ 30,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਕਿਹਾ ਕਿ ਕਲਰਕ ਇਸ ਮੰਤਵ ਲਈ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ। ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਬਿਊਰੋ ਦੀ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ।