ਪੱਤਰ ਪ੍ਰੇਰਕ
ਦੇਵੀਗੜ੍ਹ, 1 ਅਗਸਤ
ਸਨੌਰ ਦੇ ਪਿੰਡ ਹਡਾਣਾ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨ ਸੁਵਿਧਾ ਕੈਂਪ ਲਾਇਆ ਗਿਆ। ਇਸ ਦੌਰਾਨ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਜਿੱਥੇ ਕੈਂਪ ਦਾ ਜਾਇਜ਼ਾ ਲਿਆ, ਉਥੇ ਹੀ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਮੌਕੇ ’ਤੇ ਹੱਲ ਕਰਵਾਇਆ ਗਿਆ। ਕੈਂਪ ਵਿੱਚ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਤਰਫ਼ੋਂ ਵਿਸ਼ੇਸ਼ ਤੌਰ ’ਤੇ ਪੁੱਜੇ ਉਨ੍ਹਾਂ ਦੇ ਪੁੱਤਰ ਹਰਜਸ਼ਨ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਅਤੇ ਸਮੁੱਚਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੈ। ਕੈਂਪ ਦੌਰਾਨ ਲੋਕਾਂ ਨੇ ਰਾਸ਼ਨ ਕਾਰਡ ਵਿੱਚ ਆਪਣੇ ਪਰਿਵਾਰਕ ਜੀਆਂ ਦੇ ਨਾਮ ਜੋੜਨ ਲਈ ਦਰਖਾਸਤਾਂ ਦਿੱਤੀਆਂ। ਕੈਂਪ ਮੌਕੇ ਸਮਾਜਿਕ ਸੁਰੱਖਿਆ ਪੈਨਸ਼ਨਾਂ, ਵੱਖ-ਵੱਖ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਰਖਾਸਤਾਂ, ਕਿਰਤ ਵਿਭਾਗ ਦੀ ਲਾਲ ਕਾਪੀ ਤੇ ਜਾਤੀ ਤੇ ਰਿਹਾਇਸ਼ੀ ਸਰਟੀਫਿਕੇਟ ਬਣਾਉਣ ਲਈ ਦਰਖਾਸਤਾਂ ਦਿੱਤੀਆਂ ਗਈਆਂ। ਇਸ ਮੌਕੇ ਬੀਡੀਪੀਓ ਮਨਦੀਪ ਸਿੰਘ ਤੇ ਨਾਇਬ ਤਹਿਸੀਲਦਾਰ ਜਸਵੰਤ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ।