ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 1 ਅਗਸਤ
ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਡਾ. ਪੱਲਵੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪਰਾਲੀ ਪ੍ਰਬੰਧਨ ਲਈ ਤਿਆਰ ਕੀਤੀ ਜਾ ਰਹੀ ਯੋਜਨਾ ’ਤੇ ਚਰਚਾ ਕੀਤੀ। ਡਾ. ਪੱਲਵੀ ਨੇ ਜ਼ਿਲ੍ਹੇ ਅੰਦਰ ਵਾਤਾਵਰਨ ਦੀ ਸ਼ੁੱਧਤਾ, ਪਾਣੀ ਦੀ ਸਾਂਭ-ਸੰਭਾਲ, ਸਾਫ਼-ਸਫ਼ਾਈ, ਸ਼ੋਰ ਪ੍ਰਦੂਸ਼ਣ ਤੋਂ ਮੁਕਤੀ ਲਈ ਅਧਿਕਾਰੀਆਂ ਨੂੰ ਆਪੋ-ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੌਮੀ ਗ੍ਰੀਨ ਟ੍ਰਿਬਿਊਨਲ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 52 ਹਜ਼ਾਰ 800 ਹੈਕਟੇਅਰ ਰਕਬਾ ਝੋਨੇ ਦੀ ਲੁਆਈ ਅਧੀਨ ਹੈ, ਜਿਸ ਵਿਚੋਂ ਕਰੀਬ 5 ਹਜ਼ਾਰ ਹੈਕਟੇਅਰ ਰਕਬੇ ਵਿੱਚ ਬਾਸਮਤੀ ਅਤੇ 47 ਹਜ਼ਾਰ 800 ਹੈਕਟੇਅਰ ‘ਚ ਝੋਨੇ ਦੀਆਂ ਹੋਰ ਕਿਸਮਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਤਕਰੀਬਨ ਤਿੰਨ ਲੱਖ 38 ਹਜ਼ਾਰ 200 ਮੀਟਰਿਕ ਟਨ ਪਰਾਲੀ ਪੈਦਾ ਹੋਣ ਦੀ ਸੰਭਾਵਨਾ ਹੈ ਜਿਸ ਦਾ ਐਕਸ ਸੀਟੂ ਅਤੇ ਇੰਨ ਸੀਟੂ ਤਕਨੀਕ ਨਾਲ ਨਿਪਟਾਰਾ ਕੀਤਾ ਜਾਂਦਾ ਹੈ। ਜ਼ਿਲ੍ਹੇ ’ਚ ਇੰਨ ਸੀਟੂ ਤਕਨੀਕ ਤਹਿਤ ਕਰੀਬ 1434 ਵੱਖ ਵੱਖ ਤਰ੍ਹਾਂ ਦੀਆਂ ਮਸ਼ੀਨਾਂ ਉਪਲਬੱਧ ਹਨ ਅਤੇ ਸੀ.ਆਰ.ਐਮ ਸਕੀਮ ਤਹਿਤ 152 ਹੋਰ ਮਸ਼ੀਨਾਂ ਖ਼ਰੀਦਣ ਲਈ ਡਰਾਅ ਕੱਢੇ ਜਾ ਚੁੱਕੇ ਹਨ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਤੱਕ ਪਹੁੰਚ ਬਣਾਉਣ ਲਈ ਹੁਣੇ ਤੋਂ ਹੀ ਸਮਾਂ ਸਾਰਣੀ ਤਿਆਰ ਕੀਤੀ ਜਾਵੇ।