ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਗਸਤ
ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੌਮੀ ਮਾਰਗਾਂ ਲਈ ਜ਼ਮੀਨ ਐਕੁਆਇਰ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਸੂਬੇ ਭਰ ਦੇ ਉਪ ਮੰਡਲ ਮੈਜਿਸਟਰੇਟਾਂ (ਐੱਸਡੀਐੱਮਜ਼) ਅਤੇ ਜ਼ਿਲ੍ਹਾ ਮਾਲ ਅਫ਼ਸਰਾਂ (ਡੀਆਰਓਜ਼) ਨਾਲ ਮੀਟਿੰਗ ਕੀਤੀ। ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਅਤੇ ਕੌਮੀ ਮਾਰਗਾਂ ਲਈ ਜ਼ਮੀਨ ਪ੍ਰਾਪਤੀ ਦੌਰਾਨ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਲਈ ਰਣਨੀਤੀ ’ਤੇ ਚਰਚਾ ਕੀਤੀ। ਉਨ੍ਹਾਂ ਨੇ ਕੌਮੀ ਮਾਰਗਾਂ ਦੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਐੱਸਡੀਐੱਮਜ਼ ਨੂੰ ਹਦਾਇਤ ਕੀਤੀ ਕਿ ਉਹ ਪੈਂਡਿੰਗ ਮਸਲਿਆਂ ਦਾ ਛੇਤੀ ਹੱਲ ਕਰਨ ਅਤੇ ਜ਼ਮੀਨ ਮਾਲਕਾਂ ਨੂੰ ਉਚਿਤ ਮੁਆਵਜ਼ਾ ਮਿਲਣਾ ਯਕੀਨੀ ਬਣਾਉਣ। ਉਨ੍ਹਾਂ ਹੋਰ ਅਧਿਕਾਰੀਆਂ ਨੂੰ ਵੀ ਆਪਣੀ ਕਾਰਗੁਜ਼ਾਰੀ ਵਿੱਚ ਨਿਖਾਰ ਲਿਆਉਣ ਵਾਸਤੇ ਪ੍ਰੇਰਿਤ ਕੀਤਾ।