ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 1 ਅਗਸਤ
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਮੇਜ ਸਿੰਘ ਵਜੋਂ ਹੋਈ ਹੈ, ਜਿਸ ਕੋਲੋਂ 3.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲੀਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰ ਕੇ ਉਸ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਗੁਰਮੇਜ ਸਿੰਘ ਪਾਕਿਸਤਾਨ ਸਥਿਤ ਨਸ਼ਾ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ। ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਲਿਜਾਣ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਸੀ। ਛੇਹਰਟਾ ਦੀ ਪੁਲੀਸ ਟੀਮ ਵੱਲੋਂ ਟਰੈਪ ਲਗਾ ਕੇ ਮੁਲਜ਼ਮ ਨੂੰ ਘਨੂੰਪੁਰ ਕਾਲੇ ਦੇ ਇਲਾਕੇ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ।