ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 2 ਅਗਸਤ
ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ.) ਦੀ ਮਾਨਾਂਵਾਲਾ ਬ੍ਰਾਂਚ ਵਿਖੇ ਪਿੰਗਲਵਾੜਾ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ 32ਵੀਂ ਬਰਸੀ ਮੌਕੇ ਮਾਨਾਂਵਾਲਾ ਬ੍ਰਾਂਚ ਵਿੱਚ ਵਿਸ਼ਾਲ ਖੂਨਦਾਨ ਕੈਂਪ ਲਾਇਆ ਗਿਆ। ਡਾ. ਕਰਮਜੀਤ ਸਿੰਘ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਦੇਵ ਹਸਪਤਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪਿੰਗਲਵਾੜਾ ਸੰਸਥਾ ਦੀ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਮਹਿਮਾਨਾਂ ਨੂੰ ‘ਜੀ ਆਇਆਂ’ ਕਿਹਾ ਅਤੇ ਬੱਚਿਆਂ ਵੱਲੋਂ ਮੁੱਖ ਮਹਿਮਾਨ ਨੂੰ ਫੁੱਲਾਂ ਦੇ ਗੁਲਦਸਤੇ ਭੇਂਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਹਰ ਸਾਲ ਭਗਤ ਜੀ ਦੀ ਬਰਸੀ ਮੌਕੇ ਖੂਨਦਾਨ ਕੈਂਪ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਅਤੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਅੰਮ੍ਰਿਤਸਰ ਦੇ ਸਹਿਯੋਗ ਨਾਲ ਲਗਾਇਆ ਗਿਆ। ਖੂਨਦਾਨੀਆਂ ਵੱਲੋਂ ਅੱਜ 135 ਯੂਨਿਟ ਖੂਨਦਾਨ ਕੀਤਾ ਗਿਆ। ਪਿੰਗਲਵਾੜਾ ਸੰਸਥਾ ਦੀਆਂ ਵੱਖ-ਵੱਖ ਬ੍ਰਾਂਚਾਂ, ਸਕੂਲਾਂ ਆਦਿ ਵੱਲੋਂ ਆਪਣੇ ਹੱਥਾਂ ਦੀਆਂ ਬਣਾਈਆਂ ਕਲਾਕ੍ਰਿਤੀਆਂ ਦੀ ਨੁਮਾਇਸ਼ ਵੀ ਲਗਾਈ ਗਈ। ਇਸ ਮੌਕੇ ਡਾ. ਜਗਦੀਪਕ ਸਿੰਘ ਮੀਤ ਪ੍ਰਧਾਨ, ਮੁਖਤਾਰ ਸਿੰਘ ਗੁਰਇਆ ਆਨਰੇਰੀ ਸਕੱਤਰ, ਰਾਜਬੀਰ ਸਿੰਘ, ਹਰਜੀਤ ਸਿੰਘ ਅਰੋੜਾ, ਪ੍ਰੀਤਇੰਦਰ ਕੌਰ, ਪਰਮਿੰਦਰਜੀਤ ਸਿੰਘ ਭੱਟੀ ਆਦਿ ਹਾਜ਼ਰ ਸਨ।