ਪੱਤਰ ਪ੍ਰੇਰਕ
ਮਾਨਸਾ, 2 ਅਗਸਤ
ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿੱਚ ਪੀਟੀਏ ਫੰਡ ਮੁਆਫ਼ੀ ਲਈ ਚੱਲ ਰਹੇ ਪੱਕੇ ਧਰਨਾ ਦੇ 10ਵੇਂ ਧਰਨਾ ਸਥਾਨ ਤੋਂ ਜ਼ਿਲ੍ਹਾ ਭਲਾਈ ਅਫ਼ਸਰ ਮਾਨਸਾ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਦਸ ਦਿਨਾਂ ਤੋਂ ਕਾਲਜ ਪ੍ਰਸ਼ਾਸਨ ਦੇ ਖਿਲਾਫ਼ ਪੀਟੀਏ ਫੰਡ ਮੁਆਫ਼ੀ ਲਈ ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਦੀ ਅਗਵਾਈ ਵਿੱਚ ਚੱਲ ਰਿਹਾ ਧਰਨਾ ਅੱਜ ਵਿਦਿਆਰਥੀਆਂ ਸੰਘਰਸ਼ ਦੀ ਜਿੱਤ ਤੋਂ ਬਾਅਦ ਸਮਾਪਿਤ ਕਰ ਦਿੱਤਾ ਗਿਆ।
ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਸਕੱਤਰ ਗੁਰਵਿੰਦਰ ਨੰਦਗੜ੍ਹ ਨੇ ਦੋਸ਼ ਲਾਉਂਦਿਆ ਕਿਹਾ ਕਿ ਕਾਲਜ ਪ੍ਰਸ਼ਾਸਨ ਵੱਲੋਂ ਐਸ.ਸੀ ਵਿਦਿਆਰਥੀਆਂ ਤੋਂ ਜਬਰਦਸਤੀ ਪੀ.ਟੀ.ਏ ਫੰਡ ਵਸੂਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ, ਪਰ ਜਥੇਬੰਦੀ ਅਤੇ ਵਿਦਿਆਰਥੀਆਂ ਦੇ ਵੱਲੋਂ ਕੀਤੇ ਸੰਘਰਸ਼ ਦੀ ਬਦੌਲਤ ਵਿਦਿਆਰਥੀਆਂ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਦਾ ਦਾਖ਼ਲਾ ਬਿਨ੍ਹਾਂ ਕਿਸੇ ਪੀਟੀਏ ਫੰਡ ਤੋਂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮਸਲੇ ਦਾ ਹੱਲ ਮਾਨਸਾ ਤਹਿਸੀਲ ਭਲਾਈ ਅਫ਼ਸਰ ਮੋਨੂੰ ਗਰਗ ਦੀ ਅਗਵਾਈ ਵਿੱਚ ਹੋਇਆ।