ਦੇਵਿੰਦਰ ਸਿੰਘ ਜੱਗੀ
ਪਾਇਲ, 2 ਅਗਸਤ
ਗੋਆ ਦੀ ਅਜ਼ਾਦੀ ਦੇ ਮਹਾਨ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ’ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਹਲਕਾ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਵਿਧਾਇਕ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡ ਈਸੜੂ ਵਿੱਚ 15 ਅਗਸਤ ਨੂੰ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਆਦਮਕੱਦ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰ ਕੇ ਸ਼ਹੀਦ ਨੂੰ ਸ਼ਰਧਾਂਜਲੀ ਅਰਪਿਤ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸ਼ਰਧਾਂਜਲੀ ਭੇਟ ਕਰਨਗੀਆਂ।
ਇਸ ਸਮਾਗਮ ਦੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ।
ਵਿਧਾਇਕ ਸੌਂਦ ਨੇ ਕਿਹਾ ਕਿ ਰਾਜ ਪੱਧਰੀ ਸਮਾਗਮ ’ਚ ਸੰਗਤ ਦੇ ਬੈਠਣ ਦਾ ਪ੍ਰਬੰਧ ਤੇ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸੂਬਾ ਪੱਧਰੀ ਸਮਾਗਮ ਮੌਕੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਖੰਨਾ ਪੁਲੀਸ ਵੱਲੋਂ ਕੀਤੇ ਜਾਣਗੇ। ਇਸ ਮੌਕੇ ਹੈਲੀਪੈਡ, ਪਾਰਕਿੰਗ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪੁਲੀਸ ਵਿਭਾਗ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਦੱਸਿਆ ਕਿ ਨਿਰਵਿਘਨ ਬਿਜਲੀ ਦੀ ਸਪਲਾਈ ਚਾਲੂ ਰੱਖਣ ਲਈ ਪਾਵਰਕੌਮ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।