ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਗਸਤ
ਪ੍ਰਦੂਸ਼ਿਤ ਗੈਸ ਫ਼ੈਕਟਰੀਆਂ ਵਿਰੋਧੀ ਤਾਲਮੇਲ ਸੰਘਰਸ਼ ਕਮੇਟੀ ਮੁਸ਼ਕਾਬਾਦ, ਘੁੰਗਰਾਲੀ ਰਾਜਪੂਤਾਂ, ਭੂੰਦੜੀ ਅਤੇ ਅਖਾੜਾ ਦੇ ਨੁਮਾਇੰਦਿਆਂ ਦੀ ਮੀਟਿੰਗ ਮੁੱਖ ਮੰਤਰੀ ਦੇ ਦਫ਼ਤਰ ਵਿੱਚ ਪ੍ਰਮੁੱਖ ਸਕੱਤਰ ਵੀਕੇ ਸਿੰਘ ਨਾਲ ਹੋਈ। ਜ਼ਿਲ੍ਹਾ ਲੁਧਿਆਣਾ ਦੇ ਕੁਆਰਡੀਨੇਟਰ ਡਾ. ਸੁਖਦੇਵ ਸਿੰਘ ਭੂੰਦੜੀ ਨੇ ਦੱਸਿਆ ਕਿ ਕਮੇਟੀ ਵੱਲੋਂ ਉੱਘੇ ਵਿਗਿਆਨੀ ਡਾ. ਬਲਵਿੰਦਰ ਸਿੰਘ ਔਲਖ ਨੇ ਤਰਕ ਦਿੱਤਾ ਹੈ ਕਿ ਜਿੱਥੇ ਵੀ ਇਹ ਫੈਕਟਰੀਆਂ ਲੱਗਣਗੀਆਂ, ਇਹ ਉੱਥੋਂ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨਗੀਆਂ ਤੇ 15 ਕਿੱਲੋਮੀਟਰ ਦੇ ਘੇਰੇ ਅੰਦਰ ਇਹ ਜ਼ਹਿਰੀਲੇ ਤੱਤ ਫੈਲਾ ਕੇ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਫੈਲਾਉਣਗੀਆਂ।
ਤਾਲਮੇਲ ਕਮੇਟੀ ਦੇ ਮੁੱਖ ਆਗੂਆਂ ਕੰਵਲਜੀਤ ਖੰਨਾ, ਬਲਵੰਤ ਸਿੰਘ ਘੁਡਾਣੀ ਤੇ ਡਾ. ਸੁਖਦੇਵ ਸਿੰਘ ਭੂੰਦੜੀ ਨੇ ਦੱਸਿਆ, ‘‘ਇਨ੍ਹਾਂ ਫ਼ੈਕਟਰੀਆਂ ਸਾਹਮਣੇ ਲਗਪਗ 4 ਮਹੀਨੇ ਤੋਂ ਸੰਘਰਸ਼ ਕਰ ਰਹੇ ਹਾਂ ਪਰ ਪ੍ਰਸ਼ਾਸਨ ਤੇ ਸਰਕਾਰ ਦੇ ਕੰਨ ’ਤੇ ਕੋਈ ਜੂੰ ਨਹੀਂ ਸਰਕੀ।’’ ਉਨ੍ਹਾਂ ਚਿਤਾਵਨੀ ਦਿੱਤੀ ਜੇ ਇਸ ਮਸਲੇ ਨੂੰ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਪੱਧਰ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਸੰਘਰਸ਼ ਕਮੇਟੀ ਘੁੰਗਰਾਲੀ ਰਾਜਪੂਤਾਂ ਦੇ ਨੁਮਾਇੰਦਿਆਂ ਕਰਮਜੀਤ ਸਿੰਘ ਸਹੋਤਾ, ਗੁਰਪ੍ਰੀਤ ਸਿੰਘ ਗੁਰੀ, ਹਰਦੀਪ ਸਿੰਘ, ਅਮਨਦੀਪ ਸਿੰਘ ਤੇ ਅਜਿੰਦਰਪਾਲ ਸਿੰਘ ਨੇ ਵੀ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ। ਪ੍ਰਿੰਸੀਪਲ ਸੈਕਟਰੀ ਵੀਕੇ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ 21 ਦਿਨਾਂ ਦੇ ਅੰਦਰ-ਅੰਦਰ ਵਿਚਾਰ ਵਟਾਂਦਰਾ ਕਰ ਕੇ ਸਮੱਸਿਆ ਦਾ ਪੱਕਾ ਹੱਲ ਕਰਨ ਦਾ ਭਰੋਸਾ ਦਿਵਾਇਆ ਹੈ। ਉਨ੍ਹਾਂ ਅਗਲੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਰਵਾਉਣ ਦਾ ਵੀ ਭਰੋਸਾ ਦਿੱਤਾ।