ਮਿਹਰ ਸਿੰਘ
ਕੁਰਾਲੀ, 2 ਅਗਸਤ
ਪਾਵਰਕੌਮ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕੌਮ ਦੇ ਸਥਾਨਕ ਉਪ ਮੰਡਲ ਦਫ਼ਤਰ ਅੱਗੇ ਗੇਟ ਰੈਲੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁਜ਼ਾਹਰਾਕਾਰੀਆਂ ਨੇ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਸਾਂਝਾ ਫੋਰਮ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਅੱਜ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੁਖਵਿੰਦਰ ਸਿੰਘ ਅਤੇ ਐੱਮਐੱਸਯੂ ਦੇ ਪ੍ਰਧਾਨ ਸਵਰਨ ਕੌਰ ਦੀ ਪ੍ਰਧਾਨਗੀ ਹੇਠ ਇਹ ਗੇਟ ਰੈਲੀ ਹੋਈ। ਇਸ ਗੇਟ ਰੈਲੀ ਦੌਰਾਨ ਸਰਕਲ ਆਗੂ ਰਣਯੋਧ ਸਿੰਘ, ਬਲਵਿੰਦਰ ਸਿੰਘ, ਮਦਨ ਲਾਲ ਜੇਈ, ਨਿਰਮੈਲ ਸਿੰਘ, ਭੁਪਿੰਦਰ ਸਿੰਘ, ਸੁਖਬੀਰ ਸਿੰਘ ਅਤੇ ਅਵਤਾਰ ਸਿੰਘ ਆਦਿ ਨੇ ਸੰਬੋਧਨ ਕਰਦੇ ਹੋਏ ਪਾਵਰਕੌਮ ਮੈਨੇਜਮੈਂਟ ਤੋਂ ਮੰਗ ਕੀਤੀ ਹੈ ਕਿ ਜੁਆਇੰਟ ਫੋਰਮ ਅਤੇ ਏਕਤਾ ਮੰਚ ਪੰਜਾਬ ਨਾਲ ਕੀਤਾ ਸਮਝੌਤਾ ਲਾਗੂ ਕੀਤਾ ਜਾਵੇ। ਆਗੂਆਂ ਨੇ ਸੇਵਾਮੁਕਤ ਕਾਮਿਆਂ ਨੂੰ ਪਾਵਰਕੌਮ ਵਿੱਚ ਦੁਬਾਰਾ ਰੱਖਣ ਦੀ ਥਾਂ ਨਵੀਂ ਰੈਗੂਲਰ ਭਰਤੀ ਕਰਨ ਦੀ ਮੰਗ ਕੀਤੀ ਅਤੇ 9-16-23 ਸਕੇਲਾਂ ਨੂੰ ਲਾਗੂ ਕਰਨ ਦੇ ਨਾਲ ਨਾਲ ਮਹਿੰਗਾਈ ਭੱਤਾ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਪਾਵਰਕੌਮ ਪ੍ਰਬੰਧਕ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ।