ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਅਗਸਤ
‘ਆਪ’ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਜਾਣ ਤੋਂ ਰੋਕਣ ’ਤੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਹੈ। ‘ਆਪ’ ਦੇ ਸੂਬਾ ਜਨਰਲ ਸਕੱਤਰ ਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੈਰਿਸ ਓਲੰਪਿਕ ਵਿੱਚ ਜਾਣ ਲਈ ਇਜਾਜ਼ਤ ਨਾ ਦੇ ਕੇ ਪੰਜਾਬ ਦੇ 3 ਕਰੋੜ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂਆਂ ਨੂੰ ਕੌਮਾਂਤਰੀ ਪੱਧਰ ’ਤੇ ਜਾਣ ਤੋਂ ਰੋਕਣਾ ਕੋਈ ਨਵੀਂ ਗੱਲ ਨਹੀਂ ਹੈ। ਇਸੇ ਦੌਰਾਨ ‘ਆਪ’ ਦੇ ਸੀਨੀਅਰ ਆਗੂ ਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਸੁਰੱਖਿਆ ਦੇ ਨਾਂ ’ਤੇ ਸਿਆਸਤ ਕਰ ਰਹੀ ਹੈ।
ਚੰਡੀਗੜ੍ਹ (ਪੱਤਰ ਪ੍ਰੇਰਕ): ਮੁੱਖ ਮੰਤਰੀ ਭਗਵੰਤ ਮਾਨ ਨੂੰ ਓਲੰਪਿਕ ਖੇਡਾਂ ਵਾਸਤੇ ਪੈਰਿਸ ਜਾਣ ਦੀ ਇਜਾਜ਼ਤ ਨਾ ਦੇਣ ’ਤੇ ਆਮ ਆਦਮੀ ਪਾਰਟੀ ਦੇ ਐਕਸ ਐਂਪਲਾਈਜ਼ ਵਿੰਗ ਦੇ ਆਗੂਆਂ ਨੇ ਵੀ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ‘ਆਪ’ ਦੇ ਐਕਸ ਐਂਪਲਾਈਜ਼ ਵਿੰਗ ਦੇ ਸੂਬਾ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਸਣੇ ਹੋਰਨਾਂ ਆਗੂਆਂ ਵਿੱਚ ਬਚਿੱਤਰ ਸਿੰਘ, ਖੁਸ਼ਿਵੰਦਰ ਸਿੰਘ ਕਪਿਲਾ, ਡਾ. ਅਪਨਿੰਦਰ ਸਿੰਘ ਘੜੂੰਆਂ, ਰਣਜੀਤ ਸਿੰਘ ਢਿੱਲੋਂ, ਹਰਪਾਲ ਸਿੰਘ ਖਾਲਸਾ ਨੇ ਕਿਹਾ ਕਿ ਪ੍ਰਵਾਨਗੀ ਨਾ ਦੇਣਾ ਕੇਂਦਰ ਸਰਕਾਰ ਦਾ ਇਹ ਆਪਾ ਵਿਰੋਧੀ ਕਦਮ ਹੈ ਕਿਉਂਕਿ ਮੁੱਖ ਮੰਤਰੀ ਦਾ ਪੈਰਿਸ ਜਾਣਾ ਇਸ ਗੱਲੋਂ ਵਿਸ਼ੇਸ਼ ਸੀ ਕਿ ਭਾਰਤੀ ਹਾਕੀ ਟੀਮ ਵਿੱਚ ਬਹੁ-ਗਿਣਤੀ ਖਿਡਾਰੀ ਪੰਜਾਬੀ ਹਨ।