ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 3 ਅਗਸਤ
ਇੱਥੋਂ ਦੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿੱਚ ਅੱਜ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਬਰਸੀ ਸਮਾਗਮ ਦੀ ਤਿਆਰੀ ਲਈ ਰੱਖੀ ਵਰਕਰ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਦੇ ਸੀਨੀਅਰ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਤਾਨਾਸ਼ਾਹੀ ਫ਼ੈਸਲਿਆਂ ਖ਼ਿਲਾਫ਼ ਸਾਰੇ ਆਗੂਆਂ ਤੇ ਵਰਕਰਾਂ ਨੂੰ ਇਕਜੁੱਟਤਾ ਨਾਲ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ। ਸਾਬਕਾ ਕੈਬਨਿਟ ਮੰਤਰੀ ਬਲਦੇਵ ਸਿੰਘ ਮਾਨ, ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਗਗਨਦੀਪ ਸਿੰਘ ਬਰਨਾਲ ਅਤੇ ਰਣਧੀਰ ਸਿੰਘ ਰੱਖੜਾ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਤਿਆਗ ਅਤੇ ਨਿਮਰਤਾ ਨਾਲ ਪਾਰਟੀ ਨੂੰ ਮਜ਼ਬੂਤ ਕੀਤਾ ਜਦਕਿ ਮੌਜੂਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਾਨਾਸ਼ਾਹੀ ਅਤੇ ਗੈਰਸੰਵਿਧਾਨਕ ਢੰਗ ਨਾਲ ਸੀਨੀਅਰ ਆਗੂਆਂ ਨੂੰ ਪਾਰਟੀ ’ਚੋਂ ਕੱਢਣ ਦੇ ਫ਼ੈਸਲੇ ਲੈ ਕੇ ਪਾਰਟੀ ਅਤੇ ਪੰਥ ਨੂੰ ਘੋਰ ਸੰਕਟ ਵਿੱਚ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਸੰਕਟ ’ਚੋਂ ਕੱਢਣ ਲਈ ਸੁਧਾਰ ਮੁਹਿੰਮ ਚਲਾਉਣ ਦੀ ਲੋੜ ਹੈ।
ਸੁਖਬੀਰ ਡੇਰਾ ਮੁਖੀ ਨੂੰ ਅਕਾਲ ਤਖ਼ਤ ਤੋਂ ਮੁਆਫੀ ਦਿਵਾਉਣ ਦੀ ਗੱਲ ਕਬੂਲਣ: ਰੱਖੜਾ
ਪਟਿਆਲਾ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਦੇ ਆਗੂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਦਿਵਾਉਣ ਦੀ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੰਨ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਰਹੇ ਗਿਆਨੀ ਗੁਰਮੁਖ ਸਿੰਘ ਦਾ ਬਿਆਨ ਅੱਜ ਵੀ ਯੂਟਿਊਬ ’ਤੇ ਪਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਬਾਦਲਾਂ ਨੇ ਡੇਰਾ ਮੁਖੀ ਨੂੰ ਮੁਆਫ ਕਰਵਾਉਣ ਲਈ ਉਨ੍ਹਾਂ ’ਤੇ ਦਬਾਅ ਪਾਇਆ ਸੀ।