ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 4 ਅਗਸਤ
ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਨਾਰਥਲ ਅਤੇ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਮੁਕਾਰੋਂਪੁਰ ਦੀ ਅਗਵਾਈ ਵਿੱਚ ਭਰਵੀਂ ਮੀਟਿੰਗ ਕਰ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਭਰੋਸਾ ਪ੍ਰਗਟ ਕੀਤਾ ਗਿਆ। ਇਸ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਬਸੀ ਪਠਾਣਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖਾਲਸਾ, ਅਵਤਾਰ ਸਿੰਘ ਰਿਆ ਅਤੇ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੂਟਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਆਗੂਆਂ ਨੂੰ ਬਾਹਰ ਦਾ ਰਸਤਾ ਦਿਖਾਉਣ ਦੀ ਸ਼ਲਾਘਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਦਨਾਮ ਕਰਨ ਲਈ ਸਾਜ਼ਿਸ਼ ਤਹਿਤ ਪ੍ਰਦੀਪ ਕਲੇਰ ਨੂੰ ਪ੍ਰੈੱਸ ਅੱਗੇ ਬੁਲਾਇਆ ਜਾ ਰਿਹਾ ਹੈ। ਉਨ੍ਹਾਂ ਪੰਥ ਹਿਤੈਸ਼ੀ ਅਖਵਾਉਣ ਵਾਲੇ ਆਗੂਆਂ ਵੱਲੋਂ ਪ੍ਰਦੀਪ ਕਲੇਰ ਦੀ ਕੀਤੀ ਜਾ ਰਹੀ ਸ਼ਲਾਘਾ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਇਨ੍ਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਆਗੂਆਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਡੱਟ ਕੇ ਖੜ੍ਹਨ ਦਾ ਐਲਾਨ ਵੀ ਕੀਤਾ ਅਤੇ ਲੋਕਾਂ ਨੂੰ ਪੰਥ ਵਿਰੋਧੀ ਸ਼ਕਤੀਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।