ਖੇਤਰੀ ਪ੍ਰਤੀਨਿਧ
ਬਰਨਾਲਾ, 4 ਅਗਸਤ
ਸੂਬੇ ਦੀਆਂ ਵੱਖ-ਵੱਖ ਜਨਤਕ ਜਥੇਬੰਦੀਆਂ ਵੱਲੋਂ ਇੱਥੇ ਤਰਕਸ਼ੀਲ ਭਵਨ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਸਾਂਝੀ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ ਨੇ ਦੱਸਿਆ ਕਿ ਮੀਟਿੰਗ ਵਿੱਚ 15 ਅਗਸਤ ਨੂੰ ਪੰਜਾਬ ਦੀਆਂ ਲੋਕ ਜਥੇਬੰਦੀਆਂ ਵੱਲੋਂ ਨਵੇਂ ਫ਼ੌਜਦਾਰੀ ਕਾਨੂੰਨਾਂ ਖ਼ਿਲਾਫ਼ ਪੰਜਾਬ ਭਰ ’ਚ ਰੋਸ ਮੁਜ਼ਾਹਰੇ ਕਰਨ ਦਾ ਫ਼ੈਸਲਾ ਲਿਆ ਗਿਆ।
ਇਸ ਦੌਰਾਨ ਹਾਕਮ ਸਿੰਘ ਧਨੇਠਾ, ਜਗਰੂਪ ਸਿੰਘ, ਬਲਿਹਾਰ ਸਿੰਘ ਕਟਾਰੀਆ, ਮੋਹਣ ਸਿੰਘ ਲੁਧਿਆਣਾ, ਜੋਰਾ ਸਿੰਘ ਨਸਰਾਲੀ, ਝੰਡਾ ਸਿੰਘ ਜੇਠੂਕੇ, ਹੁਸ਼ਿਆਰ ਸਿੰਘ ਸਲੇਮਗੜ੍ਹ, ਗੁਰਵਿੰਦਰ ਪੰਨੂ ਅਤੇ ਹੋਰਾਂ ਨੇ ਸਾਂਝੇ ਤੌਰ ’ਤੇ ਕਿਹਾ ਕਿ 15 ਅਗਸਤ ਨੂੰ ਜ਼ਿਲ੍ਹਾ/ਤਹਿਸੀਲ ਕੇਂਦਰਾਂ ’ਤੇ ਮਿਹਨਤਕਸ਼ ਵਰਗ ਸਾਂਝੇ ਰੋਸ ਮੁਜ਼ਾਹਰੇ ਕਰਨਗੇ ਅਤੇ ਨਵੇਂ ਫ਼ੌਜਦਾਰੀ ਕਾਨੂੰਨਾਂ ਸਮੇਤ ਸਾਰੇ ਲੋਕ ਵਿਰੋਧੀ ਕਾਨੂੰਨ ਰੱਦ ਕਰਨ, ਇਨ੍ਹਾਂ ਕਾਨੂੰਨਾਂ ਤਹਿਤ ਗ੍ਰਿਫ਼ਤਾਰ ਬੁੱਧੀਜੀਵੀ ਤੇ ਜਮੂਹਰੀ ਹੱਕਾਂ ਦੇ ਕਾਰਕੁਨ ਤੁਰੰਤ ਰਿਹਾਅ ਕਰਨ, ਅਰੁੰਧਤੀ ਰਾਏ ਤੇ ਪ੍ਰੋ. ਸ਼ੌਕਤ ਹੁਸੈਨ ਖ਼ਿਲਾਫ਼ ਕੇਸ ਚਲਾਉਣ ਦਾ ਫ਼ੈਸਲਾ ਰੱਦ ਕਰਨ, ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀ ਫੌਰੀ ਰਿਹਾਅ ਕਰਨ, ਸਾਮਰਾਜੀ ਮੁਲਕਾਂ ਨਾਲ ਕੀਤੀਆਂ ਸਾਰੀਆਂ ਦੇਸ਼ ਧ੍ਰੋਹੀ ਸੰਧੀਆਂ ਰੱਦ ਕਰਨ, ਸੰਸਾਰ ਵਪਾਰ ਸੰਸਥਾ ਸਮੇਤ ਸਾਰੀਆਂ ਸਾਮਰਾਜੀ ਸੰਸਥਾਵਾਂ ਤੋਂ ਬਾਹਰ ਆਉਣ ਅਤੇ ਨਵੀਆਂ ਆਰਥਿਕ ਨੀਤੀਆਂ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ। ਆਗੂਆਂ ਨੇ ਇਨਸਾਫ਼ ਪਸੰਦ ਜਥੇਬੰਦੀਆਂ ਨੂੰ ਇਸ ਸਾਂਝੇ ਐਕਸ਼ਨ ਪ੍ਰੋਗਰਾਮ ’ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।