ਨਵੀਂ ਦਿੱਲੀ:
ਸੁਪਰੀਮ ਕੋਰਟ ਨੇ ਮਨੀਪੁਰ ’ਚ ਨਸਲੀ ਹਿੰਸਾ ਦੇ ਪੀੜਤਾਂ ਲਈ ਰਾਹਤ ਤੇ ਮੁੜ ਵਸੇਬੇ ਦੀ ਨਿਗਰਾਨੀ ਲਈ ਗਠਿਤ ਜਸਟਿਸ ਗੀਤਾ ਮਿੱਤਲ ਕਮੇਟੀ ਦਾ ਕਾਰਜਕਾਲ ਅੱਜ ਛੇ ਮਹੀਨੇ ਲਈ ਵਧਾ ਦਿੱਤਾ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੂੰ ਜਦੋਂ ਸੂਚਿਤ ਕੀਤਾ ਗਿਆ ਕਿ ਇਸ ਕਮੇਟੀ ਦਾ ਕਾਰਜਕਾਲ 15 ਜੁਲਾਈ ਨੂੰ ਖਤਮ ਹੋ ਗਿਆ ਹੈ ਤਾਂ ਉਨ੍ਹਾਂ ਇਸ ਦਾ ਕਾਰਜਕਾਲ ਵਧਾ ਦਿੱਤਾ।
ਬੈਂਚ ਨੇ ਕਿਹਾ, ‘ਜਸਟਿਸ ਗੀਤਾ ਮਿੱਤਲ ਦੀ ਪ੍ਰਧਾਨਗੀ ਹੇਠਲੀ ਕਮੇਟੀ ਦਾ ਕਾਰਜਕਾਲ ਛੇ ਮਹੀਨੇ ਲਈ ਹੋਰ ਵਧਾਇਆ ਜਾਂਦਾ ਹੈ।’ ਪਿਛਲੇ ਸਾਲ 7 ਅਗਸਤ ਨੂੰ ਬੈਂਚ ਨੇ ਪੀੜਤਾਂ ਦੇ ਰਾਹਤ ਤੇ ਮੁੜ ਵਸੇਬੇ ਅਤੇ ਉਨ੍ਹਾਂ ਨੂੰ ਮੁਆਵਜ਼ਾ ਦੇਣ ਦੀ ਨਿਗਰਾਨੀ ਲਈ ਹਾਈ ਕੋਰਟ ਦੀਆਂ ਤਿੰਨ ਸਾਬਕਾ ਮਹਿਲਾ ਜੱਜਾਂ ਦੀ ਇੱਕ ਕਮੇਟੀ ਬਣਾਉਣ ਦਾ ਹੁਕਮ ਦਿੱਤਾ ਸੀ। ਮਹਾਰਾਸ਼ਟਰ ਦੇ ਸਾਬਕਾ ਪੁਲੀਸ ਮੁਖੀ ਨੂੰ ਅਪਰਾਧਕ ਮਾਮਲਿਆਂ ਦੀ ਜਾਂਚ ਦੀ ਨਿਗਰਾਨੀ ਕਰਨ ਨੂੰ ਕਿਹਾ ਸੀ। -ਪੀਟੀਆਈ