ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 5 ਅਗਸਤ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਵੱਲੋਂ ਯੂਨੀਅਨ ਦੇ ਸੱਦੇ ’ਤੇ ਯੂਨੀਅਨ ਦੀਆਂ ਮੰਗਾਂ ਮੰਨਵਾਉਣ ਲਈ ਕਾਰਜਕਾਰੀ ਇੰਜਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਮੰਡਲ ਮਾਲੇਰਕੋਟਲਾ ਦੇ ਦਫ਼ਤਰ ਅੱਗੇ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਕੁੱਪਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮੈਨੇਜਮੈਂਟ ਵੱਲੋਂ ਜਲ ਸਪਲਾਈ ਸਕੀਮਾਂ ’ਤੇ ਨਿੱਜੀ ਕੰਪਨੀਆਂ ਰਾਹੀਂ ਸਕਾਡਾ ਪ੍ਰਣਾਲੀ ਲਾ ਕੇ ਜਲ ਸਕੀਮਾਂ ਦਾ ਨਿੱਜੀਕਰਨ ਅਤੇ ਪੰਚਾਇਤੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਪਿੰਡਾਂ ਵਿੱਚ ਸਕਾਡਾ ਪ੍ਰਣਾਲੀ ਲਾਗੂ ਕਰਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਯੂਨੀਅਨ ਦੇ ਵਿਰੋਧ ਨੂੰ ਠੱਲ੍ਹਣ ਦੇ ਮਕਸਦ ਨਾਲ ਵਿਭਾਗ ਦੀ ਪਠਾਨਕੋਟ ਡਿਵੀਜ਼ਨ ਅਧੀਨ ਆਉਂਦੀ ਸਬ ਡਿਵੀਜ਼ਨ ਤਾਰਾਗੜ੍ਹ ਦੇ ਐੱਸਡੀਓ ਨੇ ਯੂਨੀਅਨ ਦੇ ਆਗੂਆਂ ਸਮੇਤ 25 ਵਰਕਰਾਂ ’ਤੇ ਝੂਠਾ ਪਰਚਾ ਦਰਜ ਕਰਵਾ ਦਿੱਤਾ ਹੈ, ਜਿਸ ਦੇ ਵਿਰੋਧ ’ਚ ਯੂਨੀਅਨ ਵੱਲੋਂ ਸਬ-ਡਿਵੀਜ਼ਨ ਤਾਰਾਗੜ੍ਹ ਦੇ ਐੱਸਡੀਓ ਅਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਪ੍ਰਦਰਸ਼ਨ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਵਰਕਰਾਂ ’ਤੇ ਝੂਠੇ ਪਰਚੇ ਰੱਦ ਕੀਤੇ ਜਾਣ ਤੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਡਿਵੀਜ਼ਨ ਪਾਤੜਾਂ ਦੇ ਦਫ਼ਤਰ ਸਾਹਮਣੇ ਐੱਸਡੀਓ ਅੇ ਸਰਕਾਰ ਦੀ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਮੌਕੇ ਸੂਬਾਈ ਆਗੂ ਵਰਿੰਦਰ ਸਿੰਘ ਮੋਮੀ, ਬਲਾਕ ਆਗੂ ਸਤਗੁਰ ਸਿੰਘ ਤੇ ਗੁਰਵੀਰ ਸਿੰਘ ਆਦਿ ਸੰਬੋਧਨ ਕੀਤਾ।