ਮਹਿੰਦਰ ਸਿੰਘ ਰੱਤੀਆਂ
ਮੋਗਾ, 5 ਅਗਸਤ
ਇਥੇ ਨਵੇਂ ਐੱਸਐੱਸਪੀ ਡਾ. ਅੰਕੁਰ ਗੁਪਤਾ ਨੇ ਜ਼ਿਲ੍ਹੇ ਦੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਿਥੇ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਿਪਟਣ ਦੀਆਂ ਹਦਾਇਤਾਂ ਦਿੱਤੀਆਂ ਉਥੇ ਉਨ੍ਹਾਂ ਕਿਹਾ ਕਿ ਇਨ੍ਹਾਂ ਨਾਲ ਭਿਆਲੀ ਪਾਉਣ ਵਾਲੇ ਬਖ਼ਸੇ ਨਹੀਂ ਜਾਣਗੇ ਅਤੇ ਚੰਗਾ ਕੰਮ ਕਰਨ ਵਾਲੇ ਮੁਲਾਜ਼ਮਾਂ ਨੁੰ ਸਨਮਾਨਤ ਕੀਤਾ ਜਾਵੇਗਾ।
ਉਨ੍ਹਾਂ ਅਧਿਕਾਰੀਆਂ ਨੂੰ ਨਸ਼ਾਖੋਰੀ ਰੋਕਣ ਲਈ ਸਾਰਥਕ ਨਤੀਜੇ ਸਾਹਮਣੇ ਲਿਆਉਣ ਦੀਆਂ ਹਦਾਇਤਾਂ ਦਿੰਦੇ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਲੋਕਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਇਸ ਖੇਤਰ ਵਿੱਚ ਸਰਗਰਮ ਗੈਂਗਸਟਰਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਗੈਂਗਸਟਰਾਂ ਤੇ ਭਗੌੜੇ ਮੁਲਜਮਾਂ ਨੂੰ ਕਾਬੂ ਕਰਕੇ ਜੇਲ੍ਹਾਂ ਵਿੱਚ ਸੁੱਟਣ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੁਲੀਸ ਅਤੇ ਜਨਤਾ ਦਰਮਿਆਨ ਦੂਰੀ ਦੂਰ ਕੀਤੀ ਜਾਵੇ। ਉਨ੍ਹਾਂ ਪੈਂਡਿੰਗ ਪਈਆਂ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕਰਨ ਲਈ ਵੀ ਹਦਾਇਤਾਂ ਦਿੱਤੀਆਂ।
ਬਠਿੰਡਾ (ਸ਼ਗਨ ਕਟਾਰੀਆ): ‘ਸੂਬਾ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਿਵਲ ਤੇ ਪੁਲੀਸ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲ੍ਹੇ ਦੇ ਸਮੂਹ ਪੁਲੀਸ ਸਟੇਸ਼ਨਾਂ ਅਤੇ ਸਾਂਝ ਕੇਂਦਰਾਂ ਵੱਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਲਗਾਤਾਰ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲੀਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਬਠਿੰਡਾ ਪੁਲੀਸ ਵੱਲੋਂ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਹੋਰ ਵੀ ਸਖ਼ਤੀ ਨਾਲ ਕਦਮ ਚੁੱਕੇ ਜਾਣਗੇ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਦੇ ਖ਼ਾਤਮੇ ਲਈ ਬਠਿੰਡਾ ਪੁਲੀਸ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜੇ ਪਿੰਡਾਂ ਜਾਂ ਸ਼ਹਿਰਾਂ ’ਚ ਕੋਈ ਵੀ ਤਸਕਰ ਨਸ਼ਾ ਵੇਚਦਾ ਹੈ, ਤਾਂ ਉਹ ਪੁਲੀਸ ਦੇ ਟੌਲ ਫ਼ਰੀ ਜਾਂ ਵਟਸਐਪ ਨੰਬਰ 91155-02252 ’ਤੇ ਸੂਚਨਾ ਦੇ ਸਕਦੇ ਹਨ।
ਐੱਸਐੱਸਪੀ ਪ੍ਰਗਿਆ ਜੈਨ ਨੇ ਟਿੱਲਾ ਬਾਬਾ ਫ਼ਰੀਦ ਵਿੱਚ ਮੱਥਾ ਟੇਕਿਆ
ਫਰੀਦਕੋਟ (ਜਸਵੰਤ ਜੱਸ): ਅੱਜ ਇੱਥੇ ਇਤਿਹਾਸਿਕ ਟਿੱਲਾ ਬਾਬਾ ਫ਼ਰੀਦ ਵਿੱਚ ਮੱਥਾ ਟੇਕਣ ਤੋਂ ਬਾਅਦ ਫਰੀਦਕੋਟ ਵਿਖੇ ਨਵੇਂ ਨਿਯੁਕਤ ਕੀਤੇ ਗਏ ਐੱਸਐੱਸਪੀ ਪ੍ਰਗਿਆ ਜੈਨ ਨੇ ਕਿਹਾ ਕਿ ਜ਼ਿਲ੍ਹਾ ਪੁਲੀਸ ਨਸ਼ਿਆਂ ਖਿਲਾਫ ਆਰ-ਪਾਰ ਦੀ ਲੜਾਈ ਲੜੇਗੀ ਅਤੇ ਇਸ ਲਈ ਸਮਾਜ ਤੋਂ ਵੀ ਪੂਰਾ ਸਹਿਯੋਗ ਲਿਆ ਜਾਵੇਗਾ। ਪੁਲੀਸ ਨੇ ਅੱਜ ਫਰੀਦਕੋਟ ਸ਼ਹਿਰ ਵਿੱਚ ਇਕ ਲੱਖ ਨਸ਼ੀਲੀਆਂ ਗੋਲੀਆਂ ਅਤੇ 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਮੌਕੇ ਟਿੱਲਾ ਬਾਬਾ ਫਰੀਦ ਵਿੱਚ ਸੇਵਾਦਾਰ ਮਹੀਇਪਿੰਦਰ ਸਿੰਘ ਸੇਖੋਂ ਅਤੇ ਕੁਲੲਇੰਦਰ ਸਿੰਘ ਸੇਖੋਂ ਨੇ ਉਨ੍ਹਾਂ ਦਾ ਸਨਮਾਨ ਕੀਤਾ।