ਪੱਤਰ ਪ੍ਰੇਰਕ
ਗੁਰੂਹਰਸਹਾਏ, 5 ਅਗਸਤ
ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਜ ਇੱਥੇ ਸਥਾਨਕ ਗੁਰੂ ਸ਼ਿਵ ਸ਼ਾਮ ਕਮਿਊਨਿਟੀ ਹਾਲ ਵਿੱਚ ‘ਪੰਜਾਬ ਦੇ ਪਾਣੀ ਸੰਕਟ ਦਾ ਵਿਗਿਆਨਕ ਹੱਲ ਸਤਲੁਜ ਵਾਟਰ ਬੈਂਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਰਾਜ ਬਹਾਦਰ ਕੇ ਅਤੇ ਰਮਨ ਧਰਮੂਵਾਲਾ ਨੇ ਕੀਤੀ। ਸੈਮੀਨਾਰ ਨੂੰ ਸੰਬੋਧਨ ਕਰਨ ਲਈ ਰੁਜ਼ਗਾਰ ਪ੍ਰਾਪਤੀ ਮੁਹਿੰਮ ਦੇ ਮੁੱਖ ਸਲਾਹਕਾਰ ਬਾਈ ਜਗਰੂਪ ਸਿੰਘ ਹਾਜ਼ਰ ਹੋਏ ਅਤੇ ਉਨ੍ਹਾਂ ਨਾਲ ਸਰਬ ਭਾਰਤ ਨੌਜਵਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਢਾਬਾਂ, ਚਰਨਜੀਤ ਛਾਂਗਾਰਾਏ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਧਰਮੂ ਹਾਜ਼ਰ ਸਨ। ਇਸ ਮੌਕੇ ਜਗਰੂਪ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਪਾਣੀ ਸੰਕਟ ਦਿਨੋਂ ਦਿਨ ਗੰਭੀਰ ਹੁੰਦਾ ਜਾ ਰਿਹਾ ਹੈ ਪਰ ਮੌਕੇ ਦੀ ਸਰਕਾਰ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਪਾਣੀ ਬਚਾਉਣ ਦੇ ਨਾਮ ’ਤੇ ਸਿਰਫ ਰਾਜਨੀਤੀ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ’ਤੇ ਵਾਟਰ ਬੈਂਕ ਬਣਾ ਕੇ ਬਾਰਸ਼ਾਂ ਦਾ ਪਾਣੀ ਸੰਭਾਲਿਆ ਜਾ ਸਕਦਾ ਹੈ। ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਸਕੱਤਰ ਚਰਨਜੀਤ ਛਾਂਗਾਰਾਏ ਅਤੇ ਸੂਬਾ ਪ੍ਰਧਾਨ ਪਰਮਜੀਤ ਢਾਬਾਂ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਸਾਂਝੀ ਕੀਤੀ।