ਪੱਤਰ ਪ੍ਰੇਰਕ
ਕੁਰਾਲੀ, 5 ਅਗਸਤ
ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਬਲਾਕ ਮਾਜਰੀ ਦੇ ਸ਼ਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਦੇ ਮਸਲੇ ਨੂੰ ਹੱਲ ਕਰਨ ਅਤੇ ਪਿੰਡਾਂ ਦੇ ਵਸਨੀਕਾਂ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਸ੍ਰੀ ਕੰਗ ਨੇ ਇਸ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਵੀ ਲਿਖਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜੇ ਪੱਤਰ ਦੀ ਕਾਪੀ ਜਾਰੀ ਕਰਦਿਆਂ ਸ੍ਰੀ ਕੰਗ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਐੱਫਸੀਆਰ ਵਲੋਂ ਜੂਨ 2022 ਨੂੰ ਨੋਟੀਫਿਕੇਸ਼ਨ ਜਾਰੀ ਕਰ ਕੇ ਬਲਾਕ ਮਾਜਰੀ ਦੇ ਪਿੰਡਾਂ ਦੀ ਸ਼ਾਮਲਾਤ ਜ਼ਮੀਨ ਕਿਸਾਨਾਂ ਤੋਂ ਖੋਹ ਕੇ ਪੰਚਾਇਤਾਂ ਨੂੰ ਸੌਂਪ ਦਿੱਤੀਆਂ ਸਨ। ਸ੍ਰੀ ਕੰਗ ਨੇ ਕਿਹਾ ਕਿ ਇਨ੍ਹਾਂ ਜ਼ਮੀਨਾਂ ਨੂੰ ਸੈਂਕੜੇ ਸਾਲਾਂ ਤੋਂ ਕਿਸਾਨ ਵਾਹੁੰਦੇ ਆ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਕਿਸਾਨਾਂ ਦਾ ਪੱਖ ਸੁਣੇ ਤੋਂ ਬਗੈਰ ਹੀ ਲੈ ਲਿਆ। ਉਨ੍ਹਾਂ ਕਿਹਾ ਕਿ ਇਸ ਕਾਰਨ ਖਰੜ ਹਲਕੇ ਵਿੱਚ ਪੈਂਦੇ ਸਿਵਾਲਿਕ ਦੀਆਂ ਪਹਾੜੀਆਂ ਵਿੱਚ ਵਸੇ ਪਿੰਡਾਂ ਛੋਟੀ ਵੱਡੀ ਨੱਗਲ, ਜੈਯੰਤੀ ਮਾਜਰੀ, ਬਘਿੰਡੀ, ਗੂੜ੍ਹਾ, ਕਸੌਲੀ, ਕਰੌਂਦਿਆਂਵਾਲਾ ਤੇ ਮਿਰਜ਼ਾਰਪੁਰ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਕਾਰਨ ਛੋਟੇ ਕਿਸਾਨਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਖੁੱਸਣ ਦੇ ਕਿਨਾਰੇ ਹਨ। ਸ੍ਰੀ ਕੰਗ ਨੇ ਕਿਹਾ ਕਿ ਇਸ ਮਸਲੇ ਨੂੰ ਲੈ ਕੇ ਪੀੜਤ ਕਿਸਾਨਾਂ ਨੂੰ ਅਦਾਲਤ ਵਿੱਚ ਜਾਣਾ ਪਿਆ ਤੇ ਹੁਣ ਉਹ ਛੋਟੇ ਕਿਸਾਨ ਆਪਣੀ ਹੋਂਦ ਬਚਾਉਣ ਲਈ ਕਾਨੂੰਨੀ ਲੜਾਈ ਲੜਨ ਲਈ ਮਜਬੂਰ ਹਨ।
ਸ੍ਰੀ ਕੰਗ ਨੇ ਇਸ ਮਸਲੇ ਨੂੰ ਲੈ ਕੇ ਹਲਕੇ ਦੇ ਪ੍ਰਭਾਵਿਤ ਪਿੰਡ ਪਿਛਲੀਆਂ ਲੋਕ ਸਭਾ ਚੋਣਾਂ ਦਾ ਬਾਈਕਾਟ ਕਰ ਕੇ ਆਪਣਾ ਰੋਸ ਵੀ ਦਰਜ ਕਰਵਾ ਚੁੱਕੇ ਹਨ।