ਕੁਲਦੀਪ ਸਿੰਘ
ਚੰਡੀਗੜ੍ਹ, 5 ਅਗਸਤ
ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਨੇ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰਜ਼ ਫਰੰਟ ਦੇ ਸੱਦੇ ’ਤੇ ਅੱਜ ਇੱਥੇ ਮੁੱਖ ਦਫ਼ਤਰ ਸਮੇਤ ਸੂਬੇ ਭਰ ਵਿੱਚ ਪੰਜਾਬ ਸਰਕਾਰ ਦੇ ਲਾਰਿਆਂ ਦੀਆਂ ਪੰਡਾਂ ਫੂਕ ਕੇ ਰੋਸ ਮੁਜ਼ਾਹਾਰੇ ਕੀਤੇ। ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਗੁਰਦੀਪ ਸਿੰਘ ਅਤੇ ਸਟੇਜ ਸਕੱਤਰ ਗੁਰਮੀਤ ਸਿੰਘ ਰਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਲਾਜ਼ਮ ਆਗੂਆਂ ਨਾਲ ਵਾਰ-ਵਾਰ ਵਾਅਦਾ ਖਿਲਾਫ਼ੀ ਕਰਕੇ ਡੰਗ ਟਪਾਇਆ ਜਾ ਰਿਹਾ ਹੈ। ਹਰ ਚੋਣ ਵਿੱਚ ਵਾਅਦਾ ਕਰਕੇ ਮੀਟਿੰਗ ਨੂੰ ਅੱਗੇ ਪਾ ਦੇਣਾ ਮੁੱਖ ਮੰਤਰੀ ਦੇ ਸੁਭਾਅ ਦਾ ਹੀ ਅੰਗ ਬਣ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਜਲੰਧਰ ਜ਼ਿਮਨੀ ਚੋਣ ਦੌਰਾਨ 25 ਜੁਲਾਈ ਦੀ ਮੀਟਿੰਗ ਅਤੇ ਹੁਣ 2 ਅਗਸਤ ਦੀ ਮੀਟਿੰਗ ਮੁਲਤਵੀ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਂਝੇ ਫਰੰਟ ਵੱਲੋਂ 10 ਅਗਸਤ ਨੂੰ ਮੀਟਿੰਗ ਮਗਰੋਂ ਕੀਤੇ ਜਾਣ ਵਾਲੇ ਸੰਘਰਸ਼ਾਂ ਦੇ ਐਲਾਨ ਤੋਂ ਬਾਅਦ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਵੱਲੋਂ ਸੰਘਰਸ਼ਾਂ ਦੀ ਰੂਪ-ਰੇਖਾ ਉਲੀਕੀ ਜਾਵੇਗੀ ਅਤੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਯੂਨੀਅਨ ਦੇ ਚੇਅਰਮੈਨ ਪਰਵਿੰਦਰ ਸਿੰਘ, ਵਾਈਸ ਚੇਅਰਮੈਨ ਸੁਨੀਤਾ ਭਨੋਟ, ਕਨਵੀਨਰ ਸੁਖਵਿੰਦਰ ਸਿੰਘ, ਜਨਰਲ ਸਕੱਤਰ ਗੁਲਜ਼ਾਰ ਖਾਨ, ਸੀਨੀਅਰ ਮੀਤ ਪ੍ਰਧਾਨ ਹਰਪ੍ਰੀਤ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਸੰਯੁਕਤ ਸਕੱਤਰ ਸਿਮਰਨਜੀਤ ਸਿੰਘ ਰੰਗੀ, ਵਿੱਤ ਸਕੱਤਰ ਦਵਿੰਦਰ ਸਿੰਘ, ਇਸਤਰੀ ਵਿੰਗ ਦੀ ਪ੍ਰਧਾਨ ਅੰਮ੍ਰਿਤਪਾਲ ਕੌਰ, ਸੀਨੀਅਰ ਮੀਤ ਪ੍ਰਧਾਨ ਰਿੰਪੀ, ਵਿੱਤ ਸਕੱਤਰ ਗੁਰਪ੍ਰੀਤ ਕੌਰ ਤੇ ਹੋਰ ਹਾਜ਼ਰ ਸਨ।
ਐਂਪਲਾਈਜ਼ ਫੈਡਰੇਸ਼ਨ ਚਾਹਲ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ
ਐਂਪਲਾਈਜ਼ ਫੈਡਰੇਸ਼ਨ (ਚਾਹਲ) ਵੱਲੋਂ ਵੀ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਲਹਿਰਾ ਮੁਹੱਬਤ ਥਰਮਲ ਪਲਾਂਟ, ਬਠਿੰਡਾ, ਮੁਕਤਸਰ ਸਾਹਿਬ, ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਸੰਗਰੂਰ, ਪਟਿਆਲਾ, ਰੋਪੜ, ਨਵਾਂ ਸ਼ਹਿਰ ਅਤੇ ਮੁਹਾਲੀ ਆਦਿ ਸ਼ਹਿਰ ਤੇ ਕਸਬਿਆਂ ਵਿੱਚ ਰੋਸ ਰੈਲੀਆਂ ਕਰਕੇ ਸਰਕਾਰ ਦੇ ਲਾਰਿਆਂ ਦੀਆਂ ਪੰਡਾਂ ਫੂਕੀਆਂ ਗਈਆਂ। ਫੈਡਰੇਸ਼ਨ ਦੇ ਸੂਬਾਈ ਆਗੂਆਂ ਗੁਰਵੇਲ ਸਿੰਘ ਬੱਲਪੁਰੀਆ, ਮਨਜੀਤ ਸਿੰਘ ਚਾਹਲ, ਪੂਰਨ ਸਿੰਘ ਖਾਈ ਅਤੇ ਬਲਜੀਤ ਸਿੰਘ ਬਰਾੜ ਨੇ ਦੱਸਿਆ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ’ਤੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਭਲਕੇ ਵੀ ਜਾਰੀ ਰਹਿਣਗੇ। ਉਨ੍ਹਾਂ ਸਰਕਾਰ ’ਤੇ ਦੋਸ਼ ਲਾਇਆ ਕਿ ਸਰਕਾਰ ਦਾ 30 ਮਹੀਨਿਆਂ ਦਾ ਕਾਰਜਕਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਾਸਤੇ ਨਿਰਾਸ਼ਾਜਨਕ ਰਿਹਾ ਹੈ। ਵਾਰ-ਵਾਰ ਮੀਟਿੰਗਾਂ ਰੱਦ ਕਰਨ ਤੋਂ ਬਾਅਦ ਹੁਣ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਭਰੋਸਾ ਉੱਠ ਚੁੱਕਾ ਹੈ।