ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 5 ਅਗਸਤ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਨਵੀਂ ਅਨਾਜ ਮੰਡੀ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣਾ ਸਰਕਾਰ ਨੇ ਕਿਸਾਨਾਂ ਅਤੇ ਵਪਾਰੀਆਂ ਦਾ ਵੱਡੇ ਪੱਧਰ ’ਤੇ ਨੁਕਸਾਨ ਕੀਤਾ ਹੈ ਪਰ ਇਸ ਵਾਰ ਜਦੋਂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਆਏਗੀ ਤਾਂ ਦਿੱਲੀ ਅਤੇ ਪੰਜਾਬ ਵਾਂਗ ਹਰਿਆਣਾ ਵਿੱਚ ਵੀ ਹਰ ਗਾਰੰਟੀ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਪਣੇ ਕੰਮਾਂ ਸਦਕਾ ‘ਆਪ’ 12 ਸਾਲਾਂ ਵਿਚ ਹੀ ਕੌਮੀ ਪਾਰਟੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੋ ਸੂਬਿਆਂ ਵਿੱਚ ਪਾਰਟੀ ਦੀਆਂ ਸਰਕਾਰਾਂ ਹਨ ਤੇ ਗੋਆ ਤੇ ਗੁਜਰਾਤ ਵਿੱਚ ਵਿਧਾਇਕ ਹਨ। ‘ਆਪ’ ਦੇਸ਼ ਦੀ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਪਾਰਟੀ ਹੈ। ‘ਆਪ’ ਆਪਣਾ ਹਰ ਵਾਅਦਾ ਪੂਰਾ ਕਰਦੀ ਹੈ। ਉਨ੍ਹਾਂ ‘ਆਪ’ ਦੀ ਸਰਕਾਰ ਬਣਨ ’ਤੇ ਹਰਿਆਣਾ ਵਿੱਚ ਪੰਜਾਬ ਅਤੇ ਦਿੱਲੀ ਦੀ ਤਰਜ਼ ’ਤੇ ਸਹੂਲਤਾਂ ਦੇਣ ਦਾ ਵਾਅਦਾ ਕੀਤਾ।
ਉਨ੍ਹਾਂ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਡਾ. ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਸੋਚ ਨਾਲ ਅੱਗੇ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਨੇ ਦੋ ਸਾਲਾਂ ’ਚ ਭ੍ਰਿਸ਼ਟਾਚਾਰ ਖ਼ਤਮ ਕੀਤਾ, ਸਕੂਲ ਆਫ ਐਮੀਨੈਂਸ ਸ਼ੁਰੂ ਕੀਤਾ ਤੇ ਹਰ ਪਿੰਡ ਤੇ ਮੁਹੱਲੇ ਵਿੱਚ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਪੰਜਾਬ ਵਿੱਚ ਪੰਜ ਗਾਰੰਟੀਆਂ ਦਿੱਤੀਆਂ ਸਨ। ਪੰਜਾਬ ਦੇ ਸਕੂਲਾਂ ਵਿੱਚ ਸਿੱਖਿਆ ਹਾਲਾਤ ਬਦਲ ਗਏ ਹਨ। 300 ਯੂਨਿਟ ਬਿਜਲੀ ਮੁਫ਼ਤ ਦਿੱਤੇ ਜਾ ਰਹੇ ਹਨ। 90 ਫ਼ੀਸਦ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਇਸੇ ਤਰ੍ਹਾਂ ਪੰਜਾਬ ਵਿੱਚ 900 ਤੋਂ ਵੱਧ ਮੁਹੱਲਾ ਕਲੀਨਿਕਾਂ ’ਚ ਦੋ ਕਰੋੜ ਤੋਂ ਵੱਧ ਲੋਕ ਇਲਾਜ ਕਰਵਾ ਚੁੱਕੇ ਹਨ। ਦਿੱਲੀ ਤੇ ਪੰਜਾਬ ਵਿੱਚ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਅਗਨੀਵੀਰ ਯੋਜਨਾ ਲਿਆ ਕੇ ਨੌਜਵਾਨਾਂ ਨਾਲ ਧੋਖਾ ਕੀਤਾ ਅਤੇ ਦੇਸ਼ ਦੀ ਫ਼ੌਜ ਦਾ ਵੀ ਅਪਮਾਨ ਕੀਤਾ ਹੈ।
ਸੂਬਾ ਪ੍ਰਧਾਨ ਨੇ ਭਾਜਪਾ ਨੂੰ ਘੁਟਾਲਿਆਂ ਦੀ ਸਰਕਾਰ ਦੱਸਿਆ
‘ਆਪ’ ਦੇ ਸੂਬਾ ਪ੍ਰਧਾਨ ਡਾ. ਸੁਸ਼ੀਲ ਗੁਪਤਾ ਨੇ ਹਰਿਆਣਾ ਸਰਕਾਰ ਨੂੰ ਘੁਟਾਲਿਆਂ ਦੀ ਸਰਕਾਰ ਦੱਸਦਿਆਂ ਕਿਹਾ ਕਿ ਭਾਜਪਾ ਦੇ ਰਾਜ ਵਿੱਚ 100 ਕਰੋੜ ਦਾ ਸਹਿਕਾਰੀ ਘੁਟਾਲਾ ਅਤੇ 162 ਕਰੋੜ ਦਾ ਪੈਨਸ਼ਨ ਘੁਟਾਲਾ ਹੋਇਆ ਹੈ। ਇਸੇ ਤਰ੍ਹਾਂ 47 ਪੇਪਰ ਲੀਕ ਹੋਏ ਹਨ। ਸੂਬੇ ਵਿਚ ਜੰਗਲ ਰਾਜ ਹੈ। ਡਾਕਟਰ, ਅਧਿਆਪਕ, ਕਰਮਚਾਰੀ, ਖਿਡਾਰੀ ਤੇ ਵਿਦਿਆਰਥੀ ਸਭ ਹੜਤਾਲ ’ਤੇ ਹਨ। ਦਾਦੂਪਰ ਨਲਵੀ ਨਹਿਰ ਬੰਦ ਕਰਨ ਨਾਲ ਸ਼ਾਹਬਾਦ ਵਿੱਚ ਹਰ ਸਾਲ ਹੜ੍ਹ ਆਉਂਦੇ ਹਨ। ਮਾਰਕੰਡਾ ਨਦੀ ਦੀ ਸਫ਼ਾਈ ਨਹੀਂ ਕੀਤੀ ਜਾਂਦੀ।