ਰਾਜਨ ਮਾਨ
ਰਾਮਦਾਸ, 6 ਅਗਸਤ
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਰੀਵਾਲ ਨੇ ਕਿਹਾ ਹੈ ਕਿ ਪੰਜਾਬ ਦੀਆਂ ਪਿਛਲੀਆਂ ਸਾਰੀਆਂ ਸਰਕਾਰਾਂ ਨੇ ਪੰਜਾਬ ਨੂੰ ਆਰਥਿਕ ਪੱਖੋਂ ਹੀ ਨਹੀਂ, ਸਗੋਂ ਹਰਿਆਲੀ ਅਤੇ ਸੱਭਿਆਚਾਰਕ ਪੱਖੋਂ ਵੀ ਪਿੱਛੇ ਸੁੱਟਿਆ ਹੈ। ਉਹ ਅੱਜ ਇਤਿਹਾਸਿਕ ਅਸਥਾਨ ਗੁਰਦੁਆਰਾ ਬਾਬਾ ਮਹਿਰ ਬੁਖਾਰੀ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਵਾਉਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦਾ ਇਕੋ ਇੱਕ ਮਕਸਦ ਰਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਕਿਵੇਂ ਲੁੱਟ ਕੇ ਆਪਣੇ ਘਰ ਭਰਨੇ ਹਨ। ਉਨ੍ਹਾਂ ਪੰਜਾਬ ਦਾ ਵਿਨਾਸ਼ ਕਰ ਕੇ ਆਪਣੇ ਪਰਿਵਾਰਾਂ ਦਾ ਵਿਕਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਦਾ ਖਮਿਆਜ਼ਾ ਅੱਜ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।
ਅੰਮ੍ਰਿਤਸਰ (ਖੇਤਰੀ ਪ੍ਰਤੀਨਿਧ): ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੈ ਗੁਪਤਾ ਨੇ 73ਵੇਂ ਵਣ ਮਹਾਉਤਸਵ ਮੌਕੇ ਲੋਹਗੜ੍ਹ ਗੇਟ ਤੋਂ ਲਾਹੌਰੀ ਗੇਟ ਤੱਕ ਵੱਡੀ ਗਿਣਤੀ ’ਚ ਬੂਟੇ ਲਗਾਏ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹੁਸ਼ਿਆਰਪੁਰ ਤੋਂ ਸੂਬਾ ਪੱਧਰੀ ਪ੍ਰੋਗਰਾਮ ਕਰਵਾ ਕੇ ਪੌਦੇੇ ਲਗਾਏ ਗਏ ਹਨ। ਇਸੇ ਤਹਿਤ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਏ.ਡੀ.ਸੀ ਸ਼ਹਿਰੀ ਵਿਕਾਸ ਨਿਕਾਸ ਕੁਮਾਰ ਨਾਲ ਮਿਲ ਕੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਬੂਟੇ ਲਗਾਉਣੇ ਹਰ ਸ਼ਹਿਰ ਵਾਸੀ ਦਾ ਫਰਜ਼ ਹੈ। ਇਸ ਵਿੱਤੀ ਵਰ੍ਹੇ ਦੌਰਾਨ ਪੰਜਾਬ ਸਰਕਾਰ ਨੇ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਦੇ ਮੌਨਸੂਨ ਸੀਜ਼ਨ ਦੌਰਾਨ ਸੂਬੇ ਭਰ ਵਿੱਚ 3 ਕਰੋੜ ਦੇ ਕਰੀਬ ਬੂਟੇ ਲਾਉਣ ਦਾ ਟੀਚਾ ਮਿਥਿਆ ਹੈ ਅਤੇ ਅੰਮ੍ਰਿਤਸਰ ਜ਼ਿਲ੍ਹੇ ਨੂੰ 17 ਲੱਖ ਬੂਟੇ ਲਾਉਣ ਦਾ ਟੀਚਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜੰਗਲਾਂ ਦਾ ਰਕਬਾ ਘੱਟ ਕੇ 5.92 ਫੀਸਦੀ ਰਹਿ ਗਿਆ ਹੈ ਅਤੇ ਵਾਤਾਵਰਨ ਨੂੰ ਸੁਧਾਰਨ ਲਈ ਸਰਕਾਰ ਵਲੋਂ 2030 ਤੱਕ ਦਰੱਖਤਾਂ ਅਤੇ ਜੰਗਲਾਂ ਹੇਠਲਾ ਰਕਬਾ 7.5 ਫੀਸਦੀ ਤੱਕ ਵਧਾਉਣ ਦਾ ਉਪਰਾਲਾ ਕੀਤਾ ਗਿਆ ਹੈ।
ਵਿਧਾਇਕ ਡਾ. ਸੋਹਲ ਨੇ ਵਣ-ਮਹਾਉਤਸਵ ਮਨਾਇਆ
ਤਰਨ ਤਾਰਨ (ਗੁਰਬਖਸ਼ਪੁਰੀ): ਜ਼ਿਲ੍ਹਾ ਪ੍ਰਸ਼ਾਸਨ ਨੇ ਵਣ-ਮਹਾਉਤਸਵ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਕੱਕਾ ਕੰਡਿਆਲਾ ’ਚ ਕਰਵਾਏ ਵਿਸ਼ੇਸ਼ ਪ੍ਰੋਗਰਾਮ ਦੌਰਾਨ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਤੇ ਐੱਸਡੀਐੱਮ ਸਿਮਰਨਦੀਪ ਸਿੰਘ ਨੇ ਬੂਟੇ ਲਗਾਏ ਗਏ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮੌਨਸੂਨ ਸੀਜ਼ਨ ਦੌਰਾਨ ਸੂਬੇ ਵਿੱਚ 3 ਕਰੋੜ ਬੂਟੇ ਲਗਾਉਣ ਦਾ ਟੀਚਾ ਮਿਥਿਆ ਹੈ ਅਤੇ ਜੰਗਲਾਤ ਵਿਭਾਗ ਵੱਲੋਂ ਹੁਣ ਤੱਕ 65 ਤੋਂ 70 ਫ਼ੀਸਦੀ ਟੀਚਾ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸੀਜ਼ਨ ਦੌਰਾਨ ਲਗਭਗ 9 ਲੱਖ ਨਵੇਂ ਬੂਟੇ ਲਗਾਉਣ ਦਾ ਟੀਚਾ ਹੈ, ਜਿਸ ਵਿਚੋਂ 7 ਲੱਖ ਤੋਂ ਵੱਧ ਬੂਟੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਸਰਕਾਰੀ ਦਫ਼ਤਰਾਂ, ਵਿਦਿਅਕ ਅਦਾਰਿਆਂ ਅਤੇ ਹੋਰਨਾਂ ਜਥੇਬੰਦੀਆਂ ਨੂੰ ਇਸ ਵਾਤਾਵਰਨ ਪੱਖੀ ਉਪਰਾਲੇ ਵਿਚ ਵੱਧ ਤੋਂ ਵੱਧ ਬੂਟੇ ਲਗਾ ਕੇ ਆਪਣਾ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ।