ਪੱਤਰ ਪ੍ਰੇਰਕ
ਜ਼ੀਰਾ, 6 ਅਗਸਤ
ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਚੱਲ ਰਹੇ ਮੋਰਚੇ ਤਹਿਤ 15 ਅਗਸਤ ਨੂੰ ਪੰਜਾਬ ਭਰ ਵਿੱਚ ਵਿਸ਼ਾਲ ਟਰੈਕਟਰ ਮਾਰਚ ਕਰਨ ਦਾ ਸੱਦਾ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਮਨਵਾਉਣ ਵਾਸਤੇ ਸ਼ੰਭੂ ਅਤੇ ਖਨੌਰੀ ਮੋਰਚੇ ’ਤੇ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇ ਫਾਸ਼ੀਵਾਦੀ ਰੱਥ ਨੂੰ ਚੋਣਾਂ ਵਿੱਚ ਕਿਸਾਨ ਮੋਰਚੇ ਨੇ ਵੱਡਾ ਝਟਕਾ ਦਿੱਤਾ ਹੈ, ਇਸ ਦੇ ਬਾਵਜੂਦ ਵੀ ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਕਿਸਾਨਾਂ ਦੇ ਮੋਰਚੇ ਵਿਰੁੱਧ ਉਲਟ ਪ੍ਰਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਜਿਥੇ ਆਜ਼ਾਦੀ ਦੇ ਜਸ਼ਨ ਮਨਾਏ ਜਾਣਗੇ, ਉਥੇ ਦੇਸ਼ ਦਾ ਅੰਨਦਾਤਾ ਕਿਸਾਨ ਆਪਣੀਆਂ ਮੰਗਾਂ ਲਈ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ ਕਰੇਗਾ ਤੇ ਨਵੇਂ ਬਣੇ ਫੌਜਦਾਰੀ ਕਾਨੂੰਨ ਦੀਆਂ ਕਾਪੀਆਂ ਸਾੜੇਗਾ। ਸੂਬਾ ਪ੍ਰਧਾਨ ਨੇ ਦੱਸਿਆ ਕਿ ਆਜ਼ਾਦੀ ਸਿਰਫ ਮੁੱਠੀ ਭਰ ਅਮੀਰਾਂ ਵਾਸਤੇ ਹੀ ਹੈ ਕਿਉਂਕਿ ਦੇਸ਼ ਦਾ ਕਿਸਾਨ, ਮਜ਼ਦੂਰ ਤੇ ਕਿਰਤੀ ਵਰਗ ਅੱਜ ਤੱਕ ਵੀ ਆਜ਼ਾਦੀ ਦੇ ਦਰਸ਼ਨ ਨਹੀਂ ਕਰ ਸਕਿਆ।