ਆਤਿਸ਼ ਗੁਪਤਾ
ਚੰਡੀਗੜ੍ਹ, 6 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਨਵੀਂ ਕੋਰ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਪਾਰਟੀ ਦੀ ਮਜ਼ਬੂਤੀ ਲਈ ਅਤੇ ਭਵਿੱਖ ਵਿੱਚ ਚੁੱਕੇ ਜਾਣ ਵਾਲੇ ਖੇਤਰੀ ਮੁੱਦਿਆਂ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਸੂਬੇ ’ਚ ਹੋਣ ਵਾਲੀਆਂ ਚਾਰ ਜ਼ਿਮਨੀ ਚੋਣਾਂ ਬਾਰੇ ਵੀ ਚਰਚਾ ਕੀਤੀ ਗਈ। ਮੀਟਿੰਗ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਚਾਰ ਜ਼ਿਮਨੀ ਚੋਣਾਂ ਵਾਲੇ ਹਲਕਿਆਂ ’ਚ ਪਹਿਲਾਂ ਆਬਜ਼ਰਵਰ ਨਿਯੁਕਤ ਕੀਤੇ ਜਾਣਗੇ, ਜਿਨ੍ਹਾਂ ਵੱਲੋਂ ਯੋਗ ਉਮੀਵਾਰਾਂ ਦੀ ਚੋਣ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕੋਰ ਕਮੇਟੀ ਨੇ ਪਾਰਟੀ ਦੀ ਮਜ਼ਬੂਤੀ ਲਈ ਨਵੰਬਰ ਮਹੀਨੇ ਦੌਰਾਨ ਤਿੰਨ ਰੋਜ਼ਾ ਇਜਲਾਸ ਬੁਲਾਉਣ ਦਾ ਵੀ ਫ਼ੈਸਲਾ ਕੀਤਾ ਹੈ। ਇਸ ਇਜਲਾਸ ਵਿੱਚ ਪਾਰਟੀ ਦੇ ਪੰਥਕ ਏਜੰਡੇ, ਪੰਜਾਬ ਨੂੰ ਪੇਸ਼ ਆ ਰਹੀਆਂ ਮੁੱਖ ਸਮੱਸਿਆਵਾਂ ਤੇ ਖੇਤਰੀ ਮੁੱਦਿਆ ਬਾਰੇ ਵਿਚਾਰ-ਚਰਚਾ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕੋਰ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ 15 ਅਗਸਤ ਨੂੰ ਖੰਨਾ ਦੇ ਪਿੰਡ ਈਸੜੂ ’ਚ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ, 19 ਅਗਸਤ ਨੂੰ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਅਤੇ 20 ਅਗਸਤ ਨੂੰ ਲੌਂਗੋਵਾਲ ਵਿੱਚ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਿਆਸੀ ਕਾਨਫਰੰਸਾਂ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ ਸਿਆਸੀ ਬਦਲਾਖੋਰੀ ਦਾ ਸਖ਼ਤ ਨੋਟਿਸ ਲਿਆ।