ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਅਗਸਤ
ਦਿੱਲੀ ਦੇ ਗੁਰਦੁਆਰਾ ਸਿੰਘ ਸਭਾ ਸਵਰੂਪ ਨਗਰ ਵਿਖੇ ਬੱਚਿਆਂ ਦੇ ਦਸਤਾਰਬੰਦੀ ਮੁਕਾਬਲੇ ਕਰਵਾਏ ਗਏ। ਇਹ ਦਸਤਾਰਬੰਦੀ ਮੁਕਾਬਲੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ ਹਨ। ਇਨ੍ਹਾਂ ਮੁਕਾਬਲਿਆਂ ਵਿਚ 5 ਤੋਂ 20 ਸਾਲ ਤੱਕ ਦੇ ਬੱਚਿਆਂ ਅਤੇ ਨੌਜਵਾਨਾਂ ਨੇ ਭਾਗ ਲਿਆ। ਮੁਕਾਬਲੇ ਵਿਚ ਕੁੱਲ 90 ਸਿੱਖਿਆਰਥੀਆਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਵਿੱਚ ਮੁਕਾਬਲਿਆਂ ਨੂੰ ਲੈ ਕੇ ਵੱਡਾ ਉਤਸ਼ਾਹ ਸੀ। ਦਿੱਲੀ ਕਮੇਟੀ ਦੇ ਮੈਂਬਰ ਸੁਖਬੀਰ ਸਿੰਘ ਕਾਲੜਾ ਨੇ ਦੱਸਿਆ ਕਿ ਦਿੱਲੀ ਦੇ ਵੱਖ-ਵੱਖ ਕੋਨਿਆਂ ਵਿਚ ਇਹ ਦਸਤਾਰਬੰਦੀ ਮੁਕਾਬਲੇ ਕਰਵਾਏ ਜਾਣਗੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਦਸਤਾਰ ਸਜਾਉਣ ਦੇ ਤਰੀਕੇ ਸਿਖਾਏ ਜਾ ਸਕਣ ਤੇ ਦਸਤਾਰਧਾਰੀ ਬਣਨ ਲਈ ਉਤਸ਼ਾਹਿਤ ਕੀਤਾ ਜਾ ਸਕੇ।