ਨਿੱਜੀ ਪੱਤਰ ਪ੍ਰੇਰਕ
ਖੰਨਾ, 6 ਅਗਸਤ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਇੱਥੋਂ ਦੇ ਨੇੜਲੇ ਪਿੰਡ ਰਤਨਹੇੜੀ ਵਿੱਚ ਸੁਵਿਧਾ ਕੈਂਪ ਲਾਇਆ ਗਿਆ। ਕੈਂਪ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਤੇ ਐੱਸਡੀਐੱਮ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਕੀਤਾ।
ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਡੈਸਕ ਸਥਾਪਤ ਕਰ ਕੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ। ਕੈਂਪ ਦੌਰਾਨ ਬੁਢਾਪਾ, ਵਿਧਵਾ ਪੈਨਸ਼ਨ ਅਤੇ ਸੀਨੀਅਰ ਸਿਟੀਜ਼ਨ ਕਾਰਡਾਂ ਨੂੰ ਪ੍ਰਵਾਨਗੀ ਦਿੱਤੀ ਗਈ। ਪਿੰਡ ਵਾਸੀਆਂ ਨੇ ਉਪਰੋਕਤ ਵੱਖ ਵੱਖ ਸਕੀਮਾਂ ਘਰ ਬੈਠੇ ਦੇਣ ਲਈ ਪੰਜਾਬ ਸਰਕਾਰ ਅਤੇ ਪ੍ਰਸਾਸ਼ਨ ਦਾ ਧੰਨਵਾਦ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਧਾਲੀਵਾਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਕੈਂਪਾਂ ਦਾ ਲਾਹਾ ਲਿਆ ਜਾਵੇ ਅਤੇ ਘਰ ਬੈਠ ਕੇ ਆਪਣੇ ਕੰਮ ਕਰਵਾਏ ਜਾਣ। ਇਸ ਮੌਕੇ ਅਧਿਕਾਰੀਆਂ ਨੇ ਵਾਤਾਵਰਣ ਸ਼ੁੱਧਤਾ ਲਈ ਬੂਟੇ ਲਾਉਂਦਿਆਂ ਪਿੰਡ ਵਾਸੀਆਂ ਨੂੰ ਇਨ੍ਹਾਂ ਦੀ ਸੇਵਾ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।