ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਅਗਸਤ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਮੰਤਰੀ ਆਤਿਸ਼ੀ 15 ਅਗਸਤ ਨੂੰ ਉਨ੍ਹਾਂ ਦੀ ਥਾਂ ’ਤੇ ਝੰਡਾ ਲਹਿਰਾਉਣਗੇ| ਮੁੱਖ ਮੰਤਰੀ ਕੇਜਰੀਵਾਲ ਇਸ ਸਮੇਂ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਜ਼ਿਕਰਯੋਗ ਹੈ ਕਿ ਛਤਰਸਾਲ ਸਟੇਡੀਅਮ ਵਿੱਚ ਦਿੱਲੀ ਸਰਕਾਰ ਦੇ ਸਾਲਾਨਾ ਸੁਤੰਤਰਤਾ ਦਿਵਸ ਪ੍ਰੋਗਰਾਮ ਵਿੱਚ ਰਵਾਇਤੀ ਤੌਰ ’ਤੇ ਮੁੱਖ ਮੰਤਰੀ ਤਿਰੰਗਾ ਲਹਿਰਾਉਂਦੇ ਹੋਏ ਨਜ਼ਰ ਆਉਂਦੇ ਹਨ।
ਉਧਰ, ਭਾਜਪਾ ਵੱਲੋਂ ਇਸ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਉਪਰ ਨਿਸ਼ਾਨਾ ਸੇਧਿਆ ਗਿਆ ਹੈ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲੈਫਟੀਨੈਂਟ ਗਵਰਨਰ ਨੂੰ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਝੰਡਾ ਲਹਿਰਾਉਣ ਸਬੰਧੀ ਲਿਖੀ ਚਿੱਠੀ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰੀ ਝੰਡੇ ਦੇ ਪ੍ਰੋਟੋਕੋਲ ਅਨੁਸਾਰ ਰਾਜਾਂ ਵਿੱਚ ਮੁੱਖ ਮੰਤਰੀ ਵੱਲੋਂ ਹੀ ਝੰਡਾ ਲਹਿਰਾਉਣ ਦੀ ਵਿਵਸਥਾ ਹੈ। ਸ਼ਾਇਦ ਸੰਵਿਧਾਨ ਦੇ ਨਿਰਮਾਤਾਵਾਂ ਅਤੇ ਰਾਸ਼ਟਰੀ ਝੰਡੇ ਦੇ ਪ੍ਰੋਟੋਕੋਲ ਦੇ ਨਿਰਮਾਤਾਵਾਂ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ ਦੇਸ਼ ਨੂੰ ਕਦੇ ਅਜਿਹਾ ਜ਼ਿੱਦੀ ਮੁੱਖ ਮੰਤਰੀ ਮਿਲੇਗਾ ਜੋ ਜੇਲ੍ਹ ਜਾਣ ਤੋਂ ਬਾਅਦ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਨਾ ਦੇਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੰਤਰੀ ਸ੍ਰੀਮਤੀ ਆਤਿਸ਼ੀ ਨੂੰ ਝੰਡਾ ਲਹਿਰਾਉਣ ਦੇ ਅਧਿਕਾਰ ਦੇਣ ਸਬੰਧੀ ਉਪ ਰਾਜਪਾਲ ਨੂੰ ਭੇਜੇ ਗਏ ਪੱਤਰ ਨੇ ਰਾਜਪਥ ’ਤੇ ਧਰਨਾ ਦੇ ਕੇ ਗਣਤੰਤਰ ਦਿਵਸ ਦੇ ਜਸ਼ਨਾਂ ਨੂੰ ਵਿਗਾੜਨ ਲਈ 2014 ਵਿੱਚ ਕੀਤੇ ਗਏ ਐਲਾਨ ਦੀ ਯਾਦ ਨੂੰ ਤਾਜ਼ਾ ਕਰ ਦਿੱਤਾ ਹੈ।