ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿੱਚ ਆਪਣੀ ਸਿਆਸੀ ਪਕੜ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਦਿਆਂ ’ਤੇ ਸਰਗਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਸ੍ਰੀ ਬਾਦਲ ਨੇ ਬੀਤੇ ਕੁਝ ਸਮੇਂ ਤੋਂ ਪੰਜਾਬ ਦੇ ਲੋਕਾਂ ਨੂੰ ਹਿਮਾਚਲ ਪ੍ਰਦੇਸ਼ ਵਿੱਚ ਆ ਰਹੀਆਂ ਪ੍ਰੇਸ਼ਾਨੀਆਂ ਸਣੇ ਹੋਰ ਮੁੱਦਿਆਂ ਸਬੰਧੀ ਚਰਚਾ ਲਈ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਉਨ੍ਹਾਂ ਦੇ ਸ਼ਿਮਲਾ ਸਥਿਤ ਦਫ਼ਤਰ ਵਿੱਚ ਮੁਲਾਕਾਤ ਕੀਤੀ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸ੍ਰੀ ਬਾਦਲ ਨੂੰ ਸਾਰੇ ਮਸਲਿਆਂ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਸੁਖਬੀਰ ਬਾਦਲ ਦਾ ਸਨਮਾਨ ਵੀ ਕੀਤਾ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਟੈਕਸੀ ਚਾਲਕਾਂ ਸਣੇ ਹੋਰਨਾਂ ਸੈਲਾਨੀਆਂ ਨੂੰ ਹਿਮਾਚਲ ਪ੍ਰਦੇਸ਼ ਵਿੱਚ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਵਾਂ ’ਤੇ ਪੰਜਾਬ ਦੇ ਟੈਕਸੀ ਚਾਲਕਾਂ ਨਾਲ ਕੁੱਟਮਾਰ ਦੀਆਂ ਘਟਨਾਵਾਂ ਵੀ ਵਾਪਰੀਆਂ ਸਨ।