ਪੱਤਰ ਪ੍ਰੇਰਕ
ਗੁਰੂਸਰ ਸੁਧਾਰ/ਮੁੱਲਾਂਪੁਰ, 8 ਅਗਸਤ
ਮੁੱਲਾਂਪੁਰ ਵਿੱਚ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਵਿੱਚ 200 ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਫੋਰਮ ਦੇ ਸੱਦੇ ਅਨੁਸਾਰ 15 ਅਗਸਤ ਨੂੰ ਦੇਸ਼ ਭਰ ਵਿੱਚ ਜ਼ਿਲ੍ਹਾ, ਤਹਿਸੀਲ ਅਤੇ ਹੋਰ ਪ੍ਰਮੁੱਖ ਕੇਂਦਰਾਂ ਉੱਪਰ ਟਰੈਕਟਰ ਮਾਰਚ ਦੀ ਤਿਆਰੀ ਲਈ ਚਰਚਾ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ, ਮੀਤ ਪ੍ਰਧਾਨ ਬਲਜੀਤ ਸਿੰਘ ਸਵੱਦੀ, ਸਹਾਇਕ ਸਕੱਤਰ ਰਣਜੀਤ ਸਿੰਘ ਗੁੜ੍ਹੇ, ਗੁਰਮੇਲ ਸਿੰਘ ਗੁੜ੍ਹੇ ਅਤੇ ਗੁਰਮੇਲ ਸਿੰਘ ਕੁਲਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ 9 ਦਸੰਬਰ 2021 ਨੂੰ ਮੰਨੀਆਂ ਮੰਗਾਂ, ਸ਼ਹੀਦ ਸ਼ੁਭਕਰਨ ਸਿੰਘ ਸਮੇਤ 26 ਸ਼ਹੀਦਾਂ ਤੋਂ ਇਲਾਵਾ 433 ਜ਼ਖ਼ਮੀ ਪ੍ਰਦਰਸ਼ਨਕਾਰੀਆਂ ਉਪਰ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਪੁਲੀਸ ਅਫ਼ਸਰਾਂ ਨੂੰ ਸਨਮਾਨਿਤ ਕਰਨ ਦੀ ਥਾਂ ਗ੍ਰਿਫ਼ਤਾਰ ਕਰਨ ਦੀ ਮੰਗ ਲਈ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ। ਟਰੈਕਟਰ ਮਾਰਚ ਲਈ ਪਿੰਡਾਂ ਵਿੱਚ ਜ਼ੋਰਦਾਰ ਤਿਆਰੀਆਂ ਕਰਨ ਦੀ ਵਿਉਂਤਬੰਦੀ ਕੀਤੀ ਗਈ।