ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 9 ਅਗਸਤ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ (ਐਲੀਮੈਂਟਰੀ ਸਿੱਖਿਆ) ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਖਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਅਧਿਆਪਕਾਂ ਦੇ ਲਟਕ ਰਹੇ ਮੰਗਾਂ ਮਸਲਿਆਂ ਨੂੰ ਲਗਾਤਾਰ ਨਜ਼ਰਅੰਦਾਜ ਕਰਨ ’ਤੇ ਸਰਕਾਰ ਅਤੇ ਸਿੱਖਿਆ ਵਿਭਾਗ ਤੋਂ ਖਫ਼ਾ ਹਨ। ਇਸ ਦੌਰਾਨ ਅਧਿਆਪਕਾਂ ਨੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਨਾਂ ਡਿਪਟੀ ਡੀਈਓ ਨੂੰ ਮੰਗ ਪੱਤਰ ਵੀ ਸੌਂਪਿਆ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ, ਸਰਬਜੀਤ ਸਿੰਘ ਪੁੰਨਾਂਵਾਲ, ਕਰਨੈਲ ਸਿੰਘ ਮੂਣਕ, ਫਕੀਰ ਸਿੰਘ ਟਿੱਬਾ, ਬੂਟਾ ਖਾਨ, ਬੱਗਾ ਸਿੰਘ, ਗੁਰਲਾਭ ਸਿੰਘ, ਬਾਰਾ ਸਿੰਘ ਅਤੇ ਹਰੀਸ਼ ਕੁਮਾਰ ਨੇ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਕੰਪਿਊਟਰ ਅਧਿਆਪਕਾਂ ਨੂੰ ਪੂਰੇ ਸਕੇਲਾਂ ਤੇ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਪੈਂਡਿੰਗ ਕਿਸ਼ਤਾਂ ਜਾਰੀ ਕੀਤੀਆਂ ਜਾਣ, ਜਨਵਰੀ 2016 ਤੋਂ ਲਾਗੂ ਹੋਣ ਵਾਲੇ ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਸਮੇਤ ਏਸੀਪੀ. ਸਬੰਧੀ ਜਾਰੀ ਕੀਤੀ ਜਾਵੇ ਅਤੇ ਹੋਰ ਮੰਗਾਂ ਦੀ ਪੂਰਤੀ ਕੀਤੀ ਜਾਵੇ। ਇਸ ਮੌਕੇ ਸੀਤਲ ਕੁਮਾਰ, ਹਿਮਾਂਸ਼ੂ ਸਿੰਗਲਾ, ਜਗਦੀਪ ਸਿੰਘ, ਹਰੀ ਦਾਸ, ਰਾਮ ਸਿੰਘ, ਸੁਰੇਸ਼ ਕਾਂਸਲ, ਮਲਕੀਤ ਸਿੰਘ ਤੇ ਹੇਮੰਤ ਕੁਮਾਰ ਆਦਿ ਮੌਜੂਦ ਸਨ।