ਅਨੰਤਨਾਗ(ਜੰਮੂ ਕਸ਼ਮੀਰ), 10 ਅਗਸਤ
ਅਨੰਤਨਾਗ ਜ਼ਿਲ੍ਹੇ ਦੇ ਅਹਿਲਾਨ ਗਡੋਲੇ ਇਲਾਕੇ ਵਿਚ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲੇ ਦੀਆਂ ਰਿਪੋਰਟਾਂ ਹਨ। ਕਸ਼ਮੀਰ ਜ਼ੋਨ ਪੁਲੀਸ ਨੇ ਆਪਣੇ ਅਧਿਕਾਰਤ ਹੈਂਡਲ ਤੋਂ ਮੁਕਾਬਲੇ ਦੀ ਪੁਸ਼ਟੀ ਕੀਤੀ ਹੈੈ। ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਬਲਾਂ ਨੂੰ ਇਲਾਕੇ ਵਿਚ ਦਹਿਸ਼ਤਗਰਦਾਂ ਦੀ ਮੌਜੂਦਗੀ ਸਬੰਧੀ ਜਾਣਕਾਰੀ ਮਿਲੀ ਸੀ, ਜਿਸ ਮਗਰੋਂ ਕੋਕਰਨਾਗ ਇਲਾਕੇ ਦੇ ਅਹਿਲਾਨ ਗਡੋਲੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਵਿੱਢੀ ਗਈ ਸੀ। ਇਸ ਦੌਰਾਨ ਇਕ ਥਾਂ ਲੁਕੇੇ ਦਹਿਸ਼ਤਗਰਦਾਂ ਨੇ ਸਰਚ ਪਾਰਟੀ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਦੀ ਜਵਾਬੀ ਗੋਲੀਬਾਰੀ ਨਾਲ ਮੁਕਾਬਲਾ ਸ਼ੁਰੂ ਹੋ ਗਿਆ। ਆਖਰੀ ਰਿਪੋਰਟਾਂ ਮਿਲਣ ਤੱਕ ਮੁਕਾਬਲਾ ਜਾਰੀ ਸੀ। ਇਸ ਤੋਂ ਪਹਿਲਾਂ ਅੱਜ ਦਿਨੇਂ ਜੰਮੂ ਕਸ਼ਮੀਰ ਪੁਲੀਸ ਨੇ ਕਠੂਆ ਜ਼ਿਲ੍ਹੇ ਦੇ ਮਲਹਾਰ, ਬਨੀ ਤੇ ਸਿਓਜਧਾਰ ਵਿਚ ਨਜ਼ਰ ਆਏ ਚਾਰ ਦਹਿਸ਼ਤਗਰਦਾਂ ਦੇ ਸਕੈੱਚ ਜਾਰੀ ਕੀਤੇ ਹਨ। ਪੁਲੀਸ ਨੇ ਇਨ੍ਹਾਂ ਬਾਰੇ ਜਾਣਕਾਰੀ ਦੇਣ ਲਈ ਪੰਜ ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਹੈ। -ਏਐੱਨਆਈ