ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 10 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਚੋਣ ਕਮਿਸ਼ਨ ਨੂੰ ਇੱਕ ਪੱਤਰ ਭੇਜ ਕੇ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਲਈ ਬਣ ਰਹੀਆਂ ਵੋਟਾਂ ਨੂੰ ਪਾਰਦਰਸ਼ੀ ਢੰਗ ਨਾਲ ਅਤੇ ਸਿਰਫ ਯੋਗ ਸਿੱਖ ਵੋਟਰਾਂ ਦੀਆਂ ਵੋਟਾਂ ਬਣਨਾ ਯਕੀਨੀ ਬਣਾਉਣ ਦੀ ਕੀਤੀ ਹੈ। ਕੱਲ੍ਹ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਗੁਰਦੁਆਰਾ ਚੋਣ ਕਮਿਸ਼ਨ ਨੂੰ ਪੱਤਰ ਭੇਜ ਕੇ ਅਜਿਹੀ ਸ਼ਿਕਾਇਤ ਕੀਤੀ ਗਈ ਸੀ। ਅੱਜ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਚੋਣਾਂ ਦੇ ਮੁੱਖ ਕਮਿਸ਼ਨਰ ਜਸਟਿਸ ਐੱਸਐੱਸ ਸਾਰੋਂ ਨੂੰ ਪੱਤਰ ਲਿਖਿਆ ਹੈ। ਧਾਮੀ ਨੇ ਸਰਕਾਰ ਵੱਲੋਂ ਗੁਰਦੁਆਰਾ ਚੋਣਾਂ ਲਈ ਰਜਿਸਟ੍ਰੇਸ਼ਨ ਵਾਸਤੇ ਨਿਰਧਾਰਤ ਨਿਯਮਾਂ ਦੀ ਅਣਦੇਖੀ ਕੀਤੇ ਜਾਣ ’ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਤੇ ਸਾਬਤ ਸੂਰਤ ਸਿੱਖ ਦੀ ਸ਼ਰਤ ਦੀ ਉਲੰਘਣਾ ਹੋਣ ਦਾ ਖ਼ਦਸ਼ਾ ਹੈ।