ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਅਗਸਤ
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਮਜ਼ਦੂਰਾਂ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਤੱਕ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਪੁਲੀਸ ਵੱਲੋਂ ਵਿੱਤੀ ਮੰਤਰੀ ਦੀ ਕੋਠੀ ਨੇੜੇ ਰੋਕਣ ’ਤੇ ਮਜ਼ਦੂਰਾਂ ਨੇ ਸੜਕ ਉਪਰ ਹੀ ਆਵਾਜਾਈ ਠੱਪ ਕਰਕੇ ਰੋਸ ਧਰਨਾ ਦਿੱਤਾ ਅਤੇ ਵਿੱਤ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਵੀ ਸੌਂਪਿਆ। ਪ੍ਰਦਰਸ਼ਨਕਾਰੀ ਮਜ਼ਦੂਰਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਜ਼ਦੂਰਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ 21 ਅਗਸਤ ਨੂੰ ਵਿੱਤ ਮੰਤਰੀ ਦੀ ਕੋਠੀ ਅੱਗੇ ਰੋਸ ਧਰਨਾ ਲਗਾਇਆ ਜਾਵੇਗਾ।
ਜਾਣਕਾਰੀ ਅਨੁਸਾਰ ਅੱਜ ਮਜ਼ਦੂਰ ਧੂਰੀ ਬਾਈਪਾਸ ਨੇੜੇ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਵਿੱਤ ਮੰਤਰੀ ਦੀ ਕੋਠੀ ਨੇੜੇ ਪੁੱਜੇ, ਉਥੇ ਪੁਲੀਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ। ਪੁਲੀਸ ਵੱਲੋਂ ਰੋਕੇ ਜਾਣ ’ਤੇ ਮਜ਼ਦੂਰਾਂ ਨੇ ਆਵਾਜਾਈ ਠੱਪ ਕਰ ਦਿੱਤੀ ਤੇ ਧਰਨਾ ਲਿਆ। ਧਰਨੇ ਨੂੰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਹਰਭਗਵਾਨ ਮੂਨਕ, ਗੁਰਜੰਟ ਸਿੰਘ ਢੀਂਡਸਾ, ਗੋਪੀ ਗਿਰ ਕੱਲਰ ਭੈਣੀ ਆਦਿ ਨੇ ਸੰਬੋਧਨ ਕੀਤਾ। ਆਗੂਆਂ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਵੱਲੋਂ ਨਾ ਸਿਰਫ਼ ਖੇਤ ਮਜ਼ਦੂਰਾਂ ਦੀਆਂ ਮੰਗਾਂ ਨੂੰ ਹੀ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਸਗੋਂ ਲਗਾਤਾਰ ਮਜ਼ਦੂਰ ਵਿਰੋਧੀ ਫ਼ੈਸਲੇ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਦੇ ਨਾਂ ਹੇਠ 2 ਲੱਖ 48 ਏਕੜ ਵਿੱਚ ਸਿੱਧੀ ਬਜਾਈ ਕਰਵਾਉਣ ਕਰਕੇ ਮਜ਼ਦੂਰਾਂ ਨੂੰ 86 ਕਰੋੜ 80 ਲੱਖ ਰੁਪਏ ਦੇ ਰੁਜ਼ਗਾਰ ਦਾ ਘਾਟਾ ਪਿਆ ਹੈ। ਗੜੇਮਾਰੀ ਕਾਰਨ ਕਣਕ ਦੇ ਹੋਏ ਨੁਕਸਾਨ ਸਬੰਧੀ ਜ਼ਾਰੀ ਕੀਤੇ ਮੁਆਵਜ਼ੇ ਚੋਂ ਮਜ਼ਦੂਰਾਂ ਨੂੰ ਦਿੱਤਾ ਜਾਣ ਵਾਲਾ ਦਸ ਫੀਸਦੀ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ, ਨਾ ਹੀ ਚੋਣ ਵਾਅਦੇ ਮੁਤਾਬਕ ਪੈਨਸ਼ਨਾਂ ਦੀ ਰਾਸ਼ੀ ‘ਚ ਕੋਈ ਵਾਧਾ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਰੁਜ਼ਗਾਰ ਦੀ ਗਰੰਟੀ ਦਿੱਤੀ ਜਾਵੇਠ ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਤੇ ਮਕਾਨ ਉਸਾਰੀ ਲਈ ਗ੍ਰਾਂਟ ਦਿੱਤੀ ਜਾਵੇ, ਪੈਨਸ਼ਨਾਂ ਦੀ ਰਾਸ਼ੀ ਵਧਾ ਕੇ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ, ਚੋਣ ਗਾਰੰਟੀ ਮੁਤਾਬਕ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇ, ਮਨਰੇਗਾ ਦਿਹਾੜੀ 700 ਰੁਪਏ ਕੀਤੀ ਜਾਵੇ ਅਤੇ ਹੋਰ ਮੰਗਾਂ ਪੂਰੀਆਂ ਕੀਤੀਆਂ ਜਾਣ। ਮੰਗਾਂ ਦਾ ਹੱਲ ਨਾ ਹੋਣ ’ਤੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਨੇ ਮਜ਼ਦੂਰਾਂ ਨੂੰ ਆਪਣੇ ਪਰਿਵਾਰਾਂ ਸਮੇਤ 21 ਅਗਸਤ ਨੂੰ ਵਿੱਤ ਮੰਤਰੀ ਦੀ ਕੋਠੀ ਅੱਗੇ ਪੁੱਜਣ ਦਾ ਸੱਦਾ ਦਿੱਤਾ।