ਨਵੀਂ ਦਿੱਲੀ, 11 ਅਗਸਤ
ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਵਿਰੋਧੀ ਧਿਰ ’ਤੇ ਦੋਸ਼ ਲਾਇਆ ਹੈ ਕਿ ਉਸ ਨੇ ਸੁਪਰੀਮ ਕੋਰਟ ਵੱਲੋਂ ਐੱਸਸੀਜ਼ ਅਤੇ ਐੱਸਟੀਜ਼ ’ਚ ਕ੍ਰੀਮੀ ਲੇਅਰ ਬਾਰੇ ਕੀਤੀ ਗਈ ਟਿੱਪਣੀ ’ਤੇ ਲੋਕਾਂ ’ਚ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਬੀਆਰ ਅੰਬੇਡਕਰ ਵੱਲੋਂ ਦਿੱਤੇ ਗਏ ਸੰਵਿਧਾਨ ’ਚ ਕ੍ਰੀਮੀ ਲੇਅਰ ਦਾ ਕੋਈ ਪ੍ਰਬੰਧ ਨਹੀਂ ਹੈ। ਪੀਟੀਆਈ ਵੀਡੀਓਜ਼ ਨੂੰ ਦਿੱਤੇ ਇੰਟਰਵਿਊ ’ਚ ਮੇਘਵਾਲ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਹੇਠਲਾ ਐੱਨਡੀਏ ਸ੍ਰੀ ਅੰਬੇਡਕਰ ਦੇ ਸੰਵਿਧਾਨ ਦੀ ਪਾਲਣਾ ਕਰੇਗਾ ਅਤੇ ਉਹ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਲਈ ਰਾਖਵਾਂਕਰਨ ਪ੍ਰਬੰਧ ਪਹਿਲਾਂ ਵਾਂਗ ਜਾਰੀ ਰੱਖੇਗਾ। ਕਾਨੂੰਨ ਮੰਤਰੀ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਸੂਬਿਆਂ ਨੂੰ ਉਪ ਵਰਗ ਬਾਰੇ ਫ਼ੈਸਲਾ ਲੈਣ ਲਈ ਕਿਹਾ ਹੈ ਪਰ ਉਸ ਨੇ ਕ੍ਰੀਮੀ ਲੇਅਰ ਬਾਰੇ ਕੋਈ ਫ਼ੈਸਲਾ ਨਹੀਂ ਦਿੱਤਾ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਚੇਤੇ ਕਰਵਾਇਆ ਕਿ ਨਿਰਦੇਸ਼ਾਂ ਅਤੇ ਟਿੱਪਣੀਆਂ ’ਚ ਫ਼ਰਕ ਹੁੰਦਾ ਹੈ। -ਪੀਟੀਆਈ