ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਆਦਰਸ਼ ਸਕੂਲ ਮੁਲਾਜ਼ਮ ਯੂਨੀਅਨ ਪੰਜਾਬ ਦੇ ਵਫ਼ਦ ਦੀ ਚੰਡੀਗੜ੍ਹ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮੀਟਿੰਗ ਹੋਈ। ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਗਲੋਟੀ ਨੇ ਦੱਸਿਆ ਕਿ ਸਿੱਖਿਆ ਮੰਤਰੀ ਨੇ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਦੀਆਂ ਮੰਗਾਂ ਜਲਦੀ ਮੰਨਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੰਤਰੀ ਨੇ ਯੂਨੀਅਨ ਦੇ ਵਫ਼ਦ ਨੂੰ 22 ਅਗਸਤ ਨੂੰ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਤੇ ਬੁਲਾਇਆ ਹੈ। ਸਿੱਖਿਆ ਮੰਤਰੀ ਅਨੁਸਾਰ 23 ਅਗਸਤ ਨੂੰ ਸਿੱਖਿਆ ਵਿਭਾਗ ਦੇ ਉਚ ਅਧਿਕਾਰੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨਗੇ ਜਿਸ ਵਿੱਚ ਹੋਰਨਾਂ ਮੁੱਦਿਆਂ ਦੇ ਨਾਲ-ਨਾਲ ਆਦਰਸ਼ ਸਕੂਲਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ’ਤੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ। ਉਨ੍ਹਾਂ ਜਲਦੀ ਹੀ ਫੁੱਲ ਗਰੇਡ ਪੇਅ ਦੇਣ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਦਾ ਭਰੋਸਾ ਦਿਵਾਇਆ। ਉਨ੍ਹਾਂ ਮੰਗਾਂ ਨਾ ਮੰਨੇ ਜਾਣ ’ਤੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ।