ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 12 ਅਗਸਤ
ਨੰਗਲ ਰੇਲਵੇ ਰੋਡ ’ਤੇ ਅਪਰੈਲ ਮਹੀਨੇ ’ਚ ਵੀਐੱਚਪੀ ਨੇਤਾ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੇ ਕਤਲ ਮਾਮਲੇ ’ਚ ਲੋੜੀਂਦੇ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਮੁਲਜ਼ਮ ਦੀ ਪਛਾਣ ਮੁਕੁਲ ਮਿਸ਼ਰਾ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਨੰਗਲ ਸਥਿਤ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐੱਚਪੀ) ਆਗੂ ਦਾ ਕਤਲ ਦੇ ਮਾਮਲੇ ਦੀ ਕੌਮੀ ਜਾਂਚ ਏਜੰਸੀ (ਐੱਨਆਈਏ) ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨੇ ਕਾਊਂਟਰ ਇੰਟੈਲੀਜੈਂਸ ਅਤੇ ਲੁਧਿਆਣਾ ਪੁਲੀਸ ਦੀ ਸਾਂਝੀ ਟੀਮ ਨਾਲ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ। ਮੁਲਜ਼ਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬੀਤੀ 13 ਅਪਰੈਲ ਦੀ ਸ਼ਾਮ ਨੂੰ ਰੇਲਵੇ ਰੋਡ ਸਥਿਤ ਵਿਕਾਸ ਪ੍ਰਭਾਕਰ ਉਰਫ਼ ਵਿਕਾਸ ਬੱਗਾ ਦੀ ਦੁਕਾਨ ’ਤੇ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਸੀ। ਹਮਲਾਵਰਾਂ ਵਿੱਚੋਂ ਇੱਕ ਨੇ ਹੈਲਮੇਟ ਪਾਇਆ ਹੋਇਆ ਸੀ ਅਤੇ ਦੂਜੇ ਨੇ ਮਫਲਰ ਨਾਲ ਮੂੰਹ ਢੱਕਿਆ ਹੋਇਆ ਸੀ। ਹਮਲਾਵਰ ਕਾਲੇ ਰੰਗ ਦੇ ਸਕੂਟਰ ’ਤੇ ਸਵਾਰ ਸਨ। ਇਸ ਮਾਮਲੇ ਵਿੱਚ ਪੰਜਾਬ ਪੁਲੀਸ ਵੱਲੋਂ ਦੋ ਹਮਲਾਵਰਾਂ ਮਨਦੀਪ ਕੁਮਾਰ ਉਰਫ ਮੰਗੀ ਅਤੇ ਸੁਰਿੰਦਰ ਕੁਮਾਰ ਉਰਫ਼ ਰਿੱਕਾ ਨੂੰ ਪਹਿਲਾਂ ਹੀ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਦੋ 32 ਬੋਰ ਦੇ ਪਿਸਤੌਲ ਅਤੇ ਵਾਰਦਾਤ ਵਿੱਚ ਵਰਤਿਆ ਸਕੂਟਰ ਬਰਾਮਦ ਕੀਤਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿੱਤੀ ਲੈਣ-ਦੇਣ ਦੀ ਜਾਂਚ ਅਤੇ ਖੁਫੀਆ ਜਾਣਕਾਰੀਆਂ ਦੀ ਜਾਂਚ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਨੇ ਲੁਧਿਆਣਾ ਪੁਲੀਸ ਨਾਲ ਇਨਪੁੱਟ ਸਾਂਝੇ ਕੀਤੇ ਅਤੇ ਪੰਜਾਬ ਅੇ ਜੰਮੂ-ਕਸ਼ਮੀਰ ਵਿੱਚ ਇੱਕ ਮੁਹਿੰਮ ਚਲਾਈ ਗਈ ਜਿਸ ਦੇ ਨਤੀਜੇ ਵਜੋਂ ਮੁਲਜ਼ਮ ਮੁਕੁਲ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਮੁਕੁਲ ਮਿਸ਼ਰਾ ਨੇ ਵਿਕਾਸ ਬੱਗਾ ਦੇ ਕਤਲ ਵਿੱਚ ਵਰਤੇ ਗਏ ਹਥਿਆਰਾਂ ਦੀ ਖ਼ਰੀਦਦਾਰੀ ਲਈ ਆਪਣੇ ਬੈਂਕ ਖਾਤੇ ਰਾਹੀਂ ਭੁਗਤਾਨ ਕੀਤਾ ਸੀ।
ਉਨ੍ਹਾਂ ਕਿਹਾ ਕਿ ਪੁਲੀਸ ਟੀਮਾਂ ਨੇ ਯੂਪੀ ਦੇ ਦੋ ਹੋਰ ਸ਼ੱਕੀਆਂ ਦੀ ਵੀ ਸ਼ਨਾਖਤ ਕੀਤੀ ਹੈ, ਜਿਨ੍ਹਾਂ ਵਿੱਚ ਹਥਿਆਰ ਖ਼ਰੀਦਣ ਵਾਲੇ ਵਿਅਕਤੀ ਵੀ ਸ਼ਾਮਲ ਹਨ। ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਮੁਕੁਲ ਮਿਸ਼ਰਾ ਥਾਣਾ ਡਿਵੀਜ਼ਨ 2 ਵਿੱਚ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਵਿੱਚ ਲੋੜੀਂਦਾ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਕਥਿਤ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।