ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਗਸਤ
ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਨੇ ਦੇਸ਼ ਦੀ ਆਜ਼ਾਦੀ ਲਈ ਅਹਿਮ ਭੂਮਿਕਾ ਨਿਭਾਉਣ ਵਾਲੇ ਮਹਾਨ ਯੋਧਿਆਂ ਦੇ ਪਰਿਵਾਰਾਂ ਦੀ ਭਲਾਈ ਲਈ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵੀਕੇ ਸਿੰਘ ਨਾਲ ਮੁਲਕਾਤ ਕੀਤੀ। ਜਥੇਬੰਦੀ ਦੇ ਸੂਬਾ ਜਰਨਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ, ਸੂਬਾ ਕਨਵੀਨਰ ਪ੍ਰਕਾਸ਼ ਧਾਲੀਵਾਲ ਤੇ ਅਮਰਪ੍ਰੀਤ ਬੋਬੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਹੱਕੀ ਸਨਮਾਨ ਸਹੂਲਤਾਂ ਨੂੰ ਅਣਗੋਲਿਆਂ ਕੀਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ 15 ਅਗਸਤ ਦੇ ਸੂਬਾ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਲਈ ਵਿਸ਼ੇਸ਼ ਸਨਮਾਨ ਸਹੂਲਤਾਂ ਦਾ ਐਲਾਨ ਕਰਨ।