ਆਤਿਸ਼ ਗੁਪਤਾ
ਚੰਡੀਗੜ੍ਹ, 13 ਅਗਸਤ
ਹਰਿਆਣਾ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤ ਦੇ ਮੁੱਖ ਚੋਣ ਅਧਿਕਾਰੀ ਰਾਜੀਵ ਕੁਮਾਰ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਫ਼ਦ ਨੇ ਹਰਿਆਣਾ ਦੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਭਾਰਤੀ ਚੋਣ ਕਮਿਸ਼ਨ ਦੇ ਅਧਿਕਾਰੀ ਗਿਆਨੇਸ਼ ਕੁਮਾਰ ਤੇ ਡਾ. ਐੱਸਐੱਸ ਸੰਧੂ ਵੀ ਮੌਜੂਦ ਸਨ। ਇਸ ਦੌਰਾਨ ‘ਆਪ’, ਭਾਜਪਾ, ਭਾਰਤੀ ਕਮਿਊਨਿਸਟ ਪਾਰਟੀ (ਐੱਮ), ਕਾਂਗਰਸ, ਇਨੈਲੋ, ਜੇਜੇਪੀ ਅਤੇ ਹੋਰਨਾਂ ਕੌਮੀ ਤੇ ਖੇਤਰੀ ਪਾਰਟੀਆਂ ਦੇ ਆਗੂ ਮੌਜੂਦ ਰਹੇ।
ਸਿਆਸੀ ਆਗੂਆਂ ਨੇ ਚੋਣ ਕਮਿਸ਼ਨ ਨੂੰ ਵਿਧਾਨ ਸਭਾ ਚੋਣਾਂ ਪਾਰਦਰਸ਼ੀ ਤੇ ਨਿਰਪੱਥ ਢੰਗ ਨਾਲ ਨੇਪਰੇ ਚਾੜ੍ਹਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਹਨ, ਉਨ੍ਹਾਂ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਰਾਜਸੀ ਪਾਰਟੀਆਂ ਦੇ ਆਗੂਆਂ ਨੇ ਵੋਟਿੰਗ ਵਾਲੇ ਦਿਨ ਬਜ਼ੁਰਗ ਤੇ ਮਹਿਲਾ ਵੋਟਰਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵਿੱਚ ਸੁਧਾਰ ਕੀਤਾ ਜਾਵੇ। ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵਿਧਾਨ ਸਭਾ ਚੋਣਾਂ ਦੌਰਾਨ ਉਮੀਦਵਾਰਾਂ ਦੇ ਖ਼ਰਚ ਦੀ ਸੀਮਾ ਵਧਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ-ਨਾਲ ਮਹਿੰਗਾਈ ਵਧ ਗਈ ਹੈ ਜਿਸ ਕਾਰਨ ਖ਼ਰਚ ਹੱਦ ਵੀ ਵਧਾਉਣੀ ਚਾਹੀਦੀ ਹੈ।
ਚੋਣ ਕਮਿਸ਼ਨ ਨੇ ਸਾਰੀਆਂ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਪਹਿਲੀ ਵਾਰ 85 ਸਾਲ ਤੋਂ ਵੱਧ ਉਮਰ ਤੇ 40 ਫ਼ੀਸਦ ਤੋਂ ਵੱਧ ਵਿਕਲਾਂਗ (ਹੈਂਡੀਕੈਪਡ) ਵਿਅਕਤੀ ਤੋਂ ਘਰ ਵਿੱਚੋਂ ਹੀ ਵੋਟ ਪਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ 2 ਅਗਸਤ 2024 ਤੱਕ 2.01 ਕਰੋੜ ਰਜਿਸਟਰ ਵੋਟਰ ਹਨ, ਜਿਸ ਵਿੱਚ 1.06 ਕਰੋੜ ਪੁਰਸ਼ ਤੇ 95 ਲੱਖ ਮਹਿਲਾ ਵੋਟਰ ਹਨ। ਇਸ ਵਾਰ 4.52 ਲੱਖ ਤੋਂ ਵੱਧ ਵੋਟਰ ਪਹਿਲੀ ਵਾਰ ਆਪਣੀ ਵੋਟ ਦੀ ਵਰਤੋਂ ਕਰਨਗੇ। ਉਨ੍ਹਾਂ ਕਿਹਾ ਕਿ ਵੋਟਾਂ ਦੀ ਅੰਤਿਮ ਸੂਚੀ 27 ਅਗਸਤ 2024 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ 3 ਨਵੰਬਰ ਨੂੰ ਖਤਮ ਹੋ ਜਾਵੇਗਾ।