ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਅਗਸਤ
ਤਾਨਾਸ਼ਾਹੀ ਵਿਰੁੱਧ ਸੱਚ ਦੀ ਲੜਾਈ ਵਿਚ ਆਮ ਆਦਮੀ ਪਾਰਟੀ ਨੇ ਆਪਣੀ ਨਵੀਂ ਡੀਪੀ ਮੁਹਿੰਮ ‘ਸੱਤਿਆਮੇਵ ਜਯਤੇ’ ਸ਼ੁਰੂ ਕੀਤੀ ਹੈ। ‘ਆਪ’ ਦੀ ਸੀਨੀਅਰ ਆਗੂ ਆਤਿਸ਼ੀ ਨੇ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਰਾਹੀਂ ਇਸ ਦਾ ਐਲਾਨ ਕੀਤਾ। ਇਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਡੀ.ਪੀ. ਲਾਉਣਗੇ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਆਤਿਸ਼ੀ ਨੇ ਕਿਹਾ ਕਿ ਪਿਛਲੇ ਦੋ ਸਾਲਾਂ ’ਚ ਭਾਜਪਾ ਦੀ ਕੇਂਦਰ ਸਰਕਾਰ, ਉਨ੍ਹਾਂ ਦੀ ਤਾਨਾਸ਼ਾਹੀ ਸਰਕਾਰ ਨੇ ਆਮ ਆਦਮੀ ਪਾਰਟੀ ਨੂੰ ਤੰਗ-ਪ੍ਰੇਸ਼ਾਨ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ। ਆਮ ਆਦਮੀ ਪਾਰਟੀ ਦੇ ਆਗੂਆਂ ’ਤੇ ਝੂਠੇ ਕੇਸ ਦਰਜ ਕੀਤੇ ਗਏ, ਛਾਪੇ ਮਾਰੇ ਗਏ ਪਰ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦਾ ਇੱਕ ਰੁਪਿਆ ਵੀ ਨਹੀਂ ਮਿਲਿਆ।
ਇਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਡੀਪੀ ਲਾ ਰਹੇ ਹਨ। ਉਨ੍ਹਾਂ ਕਿਹਾ ਕਿ ਤਾਨਾਸ਼ਾਹ ਆਪਣੇ ਵਿਰੋਧੀਆਂ ਨੂੰ ਚੁੱਪ ਕਰਾਉਣ ਲਈ ਜੇਲ੍ਹਾਂ ਵਿੱਚ ਡੱਕਣ ਦੀ ਕੋਸ਼ਿਸ਼ ਕਰਦਾ ਹੈ। ਭਾਜਪਾ ਨੇ ਵੀ ਆਪਣੀ ਤਾਨਾਸ਼ਾਹੀ ਨਾਲ ‘ਆਪ’ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਸਾਡੇ ਮੰਤਰੀਆਂ ਤੇ ਲੀਡਰਾਂ ਨੂੰ ਝੂਠੇ ਕੇਸ ਦਰਜ ਕਰ ਕੇ ਜੇਲ੍ਹ ਭੇਜਿਆ ਗਿਆ, ਉਨ੍ਹਾਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ ਗਏ ਪਰ ਇਹ ਲੋਕ ਇੱਕ ਪੈਸਾ ਵੀ ਵਸੂਲ ਨਹੀਂ ਕਰ ਸਕੇ ਤੇ ਆਜ਼ਾਦੀ ਤੋਂ ਪਹਿਲਾਂ, ਬ੍ਰਿਟਿਸ਼ ਸਰਕਾਰ ਆਜ਼ਾਦੀ ਘੁਲਾਟੀਆਂ ਨੂੰ ਚੁੱਪ ਕਰਾਉਣ ਲਈ ਜੇਲ੍ਹਾਂ ਵਿੱਚ ਬੰਦ ਕਰਦੀ ਸੀ। ਅੱਜ ਵੀ ਤਾਨਾਸ਼ਾਹੀ ਦਾ ਉਹੀ ਤਰੀਕਾ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਮ ਆਦਮੀ ਪਾਰਟੀ ਨਹੀਂ ਟੁੱਟੀ। ਹੁਣ ਸ੍ਰੀ ਸਿਸੋਦੀਆ ਜੇਲ੍ਹ ਤੋਂ ਬਾਹਰ ਆਏ ਤੇ ਸੱਚ ਦੀ ਜਿੱਤ ਹੋਈ ਹੈ।