ਪੱਤਰ ਪ੍ਰੇਰਕ
ਭਵਾਨੀਗੜ੍ਹ, 13 ਅਗਸਤ
ਸ਼੍ਰੋਮਣੀ ਅਕਾਲੀ ਦਲ ਹਲਕਾ ਸੰਗਰੂਰ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਅਮਨ ਕਾਨੂੰਨ ਕਾਇਮ ਰੱਖਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਤੋਂ ਨਿਰਾਸ਼ ਹੋ ਕੇ ਪੰਜਾਬ ਦੇ ਵੋਟਰਾਂ ਵੱਲੋਂ ਬੜੀਆਂ ਆਸਾਂ ਨਾਲ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਗਈ ਸੀ, ਪਰ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਵਿਕਾਸ ਕਾਰਜਾਂ ਲਈ ਇਕ ਪੈਸਾ ਵੀ ਨਹੀਂ ਖਰਚਿਆ। ਅਕਾਲੀ ਆਗੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਨਾਕਾਮੀਆਂ ਕਾਰਨ ਅੱਜ ਕੇਂਦਰ ਸਰਕਾਰ ਪੰਜਾਬ ਅੰਦਰ ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਨੂੰ ਰੱਦ ਕਰਨ ਦੀ ਚਿਤਾਵਨੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਿੱਲੀ-ਕੱਟੜਾ ਐਕਸਪ੍ਰੈਸਵੇਅ ਬਣਾ ਰਹੇ ਇੰਜਨੀਅਰਾਂ ਅਤੇ ਠੇਕੇਦਾਰਾਂ ਨੂੰ ਪ੍ਰਾਜੈਕਟ ਦੇ ਕੰਮ ਦੌਰਾਨ ਸੁਰੱਖਿਆ ਦੇਣ ਵਿੱਚ ਨਾਕਾਮ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਰੁਪਿੰਦਰ ਸਿੰਘ ਰੰਧਾਵਾ, ਹਰਜਿੰਦਰ ਸਿੰਘ ਜਲਾਣ, ਗੋਲਡੀ ਤੂਰ ਅਤੇ ਭਰਪੂਰ ਸਿੰਘ ਫੱਗੂਵਾਲਾ ਆਦਿ ਹਾਜ਼ਰ ਸਨ।