ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 13 ਅਗਸਤ
ਇੱਥੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੇ ਦਫਤਰ ਅੱਗੇ ਐਲੀਮੈਂਟਰੀ ਟੀਚਰਜ਼ ਯੂਨੀਅਨ ਸੰਗਰੂਰ ਵਲੋਂ ਜ਼ਿਲ੍ਹਾ ਸੰਗਰੂਰ ਦੀਆਂ ਹੈੱਡ ਟੀਚਰਾਂ ਦੀਆਂ ਤਰੱਕੀਆਂ ਕਰਵਾਉਣ ਲਈ ਲਾਇਆ ਰੋਸ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਯੂਨੀਅਨ ਵਲੋਂ ਕੱਲ੍ਹ ਦੇ ਦਿੱਤੇ ਗਏ ਧਰਨੇ ਉਪਰੰਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਵਲੋਂ 13 ਅਗਸਤ ਨੂੰ ਤਰੱਕੀਆਂ ਦੇਣ ਦਾ ਲਿਖਤੀ ਵਾਅਦਾ ਕੀਤਾ ਗਿਆ ਸੀ। ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਅੱਜ ਚੰਡੀਗੜ੍ਹ ਵਰਕਸ਼ਾਪ ਦਾ ਬਹਾਨਾ ਲਗਾ ਕੇ ਦਫਤਰ ਵਿੱਚੋਂ ਗ਼ੈਰਹਾਜ਼ਰ ਰਹਿਣ ਕਰਕੇ ਲਗਾਤਾਰ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਹੈੱਡ ਟੀਚਰਾਂ ਦੀਆਂ ਤਰੱਕੀਆਂ ਨਹੀਂ ਹੁੰਦੀਆਂ ਉਦੋਂ ਤੱਕ ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਧਰਨਾ ਲਗਾਤਾਰ ਜਾਰੀ ਰਹੇਗਾ। ਅੱਜ ਦੇ ਇਸ ਧਰਨੇ ਵਿੱਚ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਭਲਵਾਨ, ਜਗਰੂਪ ਸਿੰਘ ਧਾਂਦਰਾ, ਜਸਵਿੰਦਰ ਸਿੰਘ, ਦੀਦਾਰ ਸਿੰਘ, ਅਮਨਦੀਪ ਸਿੰਘ, ਗੁਰਜੰਟ ਸਿੰਘ ਤੇ ਸਤੀਸ਼ ਗਰਗ ਆਦਿ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।