ਨਿੱਜੀ ਪੱਤਰ ਪ੍ਰੇਰਕ
ਮੋਗਾ, 13 ਅਗਸਤ
ਇਥੇ ਨਵੀਂ ਅਨਾਜ ਮੰਡੀ ਵਿੱਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਉਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਤਿਰੰਗਾ ਚੜ੍ਹਾਉਣ ਦੀ ਰਸਮ ਅਦਾ ਕਰਨਗੇ। ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਫੁੱਲ ਡਰੈਸ ਰਿਹਰਸਲ ਦਾ ਜ਼ਾਇਜ਼ਾ ਲੈਣ ਸਮੇਂ ਦੱਸਿਆ ਕਿ ਇਸ ਮੌਕੇ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡਜ਼, ਡੀਐੱਮ ਕਾਲਜ , ਐੱਨਸੀਸੀ. ਕੈਡਿਟਾਂ, ਬੈਂਡ ਵੱਲੋਂ ਪਰੇਡ ਵਿੱਚ ਹਿੱਸਾ ਲਿਆ ਜਾਵੇਗਾ। ਉਨ੍ਹਾਂ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਐੱਸਐੱਸਪੀ ਡਾ. ਅੰਕੁਰ ਗੁਪਤਾ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਹਰ ਅਧਿਕਾਰੀ ਵੱਲੋਂ ਉਸ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇ। ਉਨਾਂ ਫੁੱਲ ਡਰੈੱਸ ਰਿਹਰਸਲ ਸਮੇਂ ਪਾਈਆਂ ਗਈਆਂ ਛੋਟੀਆਂ-ਮੋਟੀਆਂ ਤਰੁੱਟੀਆਂ ਨੂੰ ਦੂਰ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਵੀ ਜਾਰੀ ਕੀਤੀ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਲਈ ਅੱਜ ਸ਼ਹੀਦ ਭਗਤ ਸਿੰਘ ਸਟੇਡੀਅਮ ਵਿੱਚ ਫੁੱਲ ਡਰੈੱਸ ਫਾਈਨਲ ਰਿਹਰਸਲ ਕਰਵਾਈ ਗਈ। ਇਸ ਦੌਰਾਨ ਮੁੱਖ ਮਹਿਮਾਨ ਵਜੋਂ ਵਧੀਕ ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਝੰਡਾ ਲਹਿਰਾਇਆ ਅਤੇ ਮਾਰਚ ਪਾਸਟ ਦੀ ਸਲਾਮੀ ਲਈ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਅਤੇ ਪੁਲੀਸ ਸੁਪਰਡੈਂਟ ਵਿਕਰਾਂਤ ਭੂਸ਼ਣ ਨੇ ਸ਼ਹੀਦੀ ਸਮਾਰਕ ਅਤੇ ਸੁਤੰਤਰਤਾ ਸੈਨਾਨੀ ਸਮਾਰਕ ’ਤੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਪਾਰਸ, ਡੀਐੱਸਪੀ ਸੁਭਾਸ਼ ਚੰਦਰ, ਜ਼ਿਲ੍ਹਾ ਸਿੱਖਿਆ ਅਫ਼ਸਰ ਬੂਟਾ ਰਾਮ ਵੀ ਹਾਜ਼ਰ ਸਨ।
ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਰੰਗਿਆ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਏਡੀਸੀ ਡਾ. ਵਿਵੇਕ ਭਾਰਤੀ ਨੇ ਦੱਸਿਆ ਕਿ ਰਾਜ ਸਭਾ ਮੈਂਬਰ ਸੁਭਾਸ਼ ਬਰਾਲਾ 15 ਅਗਸਤ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਸ਼ਾਨਦਾਰ ਕੰਮ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਵੱਲੋਂ ਸੰਘਰਸ਼ ਦੀ ਚਿਤਾਵਨੀ
ਮਾਨਸਾ (ਪੱਤਰ ਪ੍ਰੇਰਕ): ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਪੰਜਾਬ ਨੇ ਰਾਜ ਭਰ ਵਿੱਚ ਮਨਾਏ ਜਾ ਰਹੇ ਅਜ਼ਾਦੀ ਦਿਹਾੜਿਆਂ ਦੇ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਹੈ। ਸੰਸਥਾ ਸੂਬਾ ਪ੍ਰਧਾਨ ਚਤਿੰਨ ਸਿੰਘ ਸੇਖੋਂ ਨੇ ਦੱਸਿਆ ਕਿ ਮਾਨਸਾ ਵਿੱਚ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕੀਤੀ ਜਾਵੇਗੀ, ਜਿਨ੍ਹਾਂ ਕੋਲ ਸੁਤੰਤਰਤਾ ਸੰਗਰਾਮ ਵਿਭਾਗ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਮੰਗਾਂ ਸਬੰਧੀ ਮੰਤਰੀ ਨੂੰ ਮਿਲਿਆ ਜਾਵੇਗਾ ਅਤੇ ਜੇ ਮੰਤਰੀ ਵੱਲੋਂ ਕੋਈ ਹੁੰਗਾਰਾ ਨਾ ਦਿੱਤਾ ਗਿਆ ਤਾਂ ਉਸੇ ਦਿਨ ਹੀ ਸੰਸਥਾ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਲਈ ਪੰਜਾਬ
ਸਰਕਾਰ ਗੰਭੀਰ ਨਹੀਂ ਹੋਈ ਹੈ। ਮਾਨਸਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਲਹਿਰਾਉਣਗੇ ਕੌਮੀ ਝੰਡਾ
ਮਾਨਸਾ (ਪੱਤਰ ਪ੍ਰੇਰਕ): ਆਜ਼ਾਦੀ ਦੀ 77ਵੀਂ ਵਰ੍ਹੇਗੰਢ ਮੌਕੇ 15 ਅਗਸਤ ਨੂੰ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਵਿੱਚ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡੀਸੀ ਪਰਮਵੀਰ ਸਿੰਘ ਨੇ ਅੱਜ ਇਥੇ ਹੋਈ ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਦਿੱਤੀ। ਇਸ ਮੌਕੇ ਡੀਆਈਜੀ ਰਾਜਪਾਲ ਸਿੰਘ,ਐੱਸਐੱਸਪੀ ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਨਿਰਮਲ ਓਸੇਪਚਨ ਹਾਜ਼ਰ ਸਨ। ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਫੁੱਲ ਡਰੈੱਸ ਰਿਹਰਸਲ ਮੌਕੇ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਲਈ।