ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 13 ਅਗਸਤ
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸਐੱਸਓਸੀ) ਨੇ ਝਬਾਲ ਖੇਤਰ ਦੇ ਦੋ ਸ਼ੱਕੀ ਵਿਅਕਤੀਆਂ ਨੂੰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਜਤਿੰਦਰ ਸਿੰਘ ਵਾਸੀ ਪਿੰਡ ਠੱਠਾ ਜ਼ਿਲ੍ਹਾ ਤਰਨਤਾਰਨ ਅਤੇ ਨਵਤੇਜ ਸਿੰਘ ਵਾਸੀ ਮੁਹਾਵਾ ਵਜੋਂ ਹੋਈ ਹੈ। ਪੁਲੀਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਚਾਰ 9 ਐੱਮਐੱਮ ਗਲੌਕ ਪਿਸਤੌਲਾਂ ਸਮੇਤ ਚਾਰ ਮੈਗਜ਼ੀਨਾਂ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦਾ ਮੋਟਰਸਾਈਕਲ ਜ਼ਬਤ ਕੀਤਾ ਹੈ। ਡੀਜੀਪੀ ਨੇ ਦੱਸਿਆ ਕਿ ਐੱਸਐੱਸਓਸੀ ਅੰਮ੍ਰਿਤਸਰ ਨੂੰ ਮੁਲਜ਼ਮਾਂ ਦੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ। ਪਤਾ ਲੱਗਾ ਸੀ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਤਸਕਰੀ ਕੀਤੇ ਹਥਿਆਰਾਂ ਦੀ ਇੱਕ ਖੇਪ ਮਿਲੀ ਸੀ, ਜਿਸ ਨੂੰ ਉਹ ਇੱਕ ਪਾਰਟੀ ਨੂੰ ਦੇਣ ਜਾ ਰਹੇ ਹਨ। ਇਸ ਜਾਣਕਾਰੀ ’ਤੇ ਤੁਰੰਤ ਕਾਰਵਾਈ ਕਰਦਿਆਂ ਐਸਐਸਓਸੀ ਅੰਮ੍ਰਿਤਸਰ ਦੀ ਟੀਮ ਨੇ ਨਿਰਧਾਰਤ ਖੇਤਰ ਦੀ ਘੇਰਾਬੰਦੀ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਕ ੇ ਹਥਿਆਰਾਂ ਦੀ ਖੇਪ ਬਰਾਮਦ ਕਰ ਲਈ। ਡੀਜੀਪੀ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਸਰਹੱਦ ਪਾਰੋਂ ਆਪਣੇ ਸੰਚਾਲਕਾਂ ਵੱਲੋਂ ਡਰੋਨ ਰਾਹੀਂ ਭੇਜੀਆਂ ਨਾਜਾਇਜ਼ ਹਥਿਆਰਾਂ ਦੀ ਖੇਪਾਂ ਪ੍ਰਾਪਤ ਕਰਦੇ ਸਨ। ਏਆਈਜੀ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਐੱਸਐੱਸਓਸੀ ਅੰਮ੍ਰਿਤਸਰ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ।