ਮੁਕੇਸ਼ ਕੁਮਾਰ
ਚੰਡੀਗੜ੍ਹ, 14 ਅਗਸਤ
ਸਿਟੀ ਬਿਊਟੀਫੁੱਲ ਚੰਡੀਗੜ੍ਹ ਆਜ਼ਾਦੀ ਦਿਹਾੜੇ ਦੇ ਜਸ਼ਨ ਨੂੰ ਲੈ ਕੇ ਦੇਸ਼ ਭਗਤੀ ਦੇ ਰੰਗਾਂ ਵਿੱਚ ਰੰਗਿਆ ਹੋਇਆ ਨਜ਼ਰ ਆ ਰਿਹਾ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜੇ ਦਾ ਮੁੱਖ ਸਮਾਗਮ ਭਲਕੇ 15 ਅਗਸਤ ਨੂੰ ਸੈਕਟਰ 17 ਸਥਿਤ ਪਰੇਡ ਗਰਾਊਂਡ ਵਿੱਚ ਕਰਵਾਇਆ ਜਾਵੇਗਾ। ਇਸ ਮੌਕੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਨਗਰ ਨਿਗਮ ਵੱਲੋਂ ਵੀ ਸੈਕਟਰ-17 ਸਥਿਤ ਨਿਗਮ ਭਵਨ ਵਿੱਚ ਆਜ਼ਾਦੀ ਦਿਹਾੜੇ ਮੌਕੇ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿੱਥੇ ਸਵੇਰੇ 8 ਵਜੇ ਸ਼ਹਿਰ ਦੇ ਮੇਅਰ ਕੁਲਦੀਪ ਕੁਮਾਰ ਕੌਮੀ ਝੰਡਾ ਲਹਿਰਾਉਣ ਦੀ ਰਸਮ ਨਿਭਾਉਣਗੇ।
ਦੂਜੇ ਪਾਸੇ ਅੱਜ ਵਰ੍ਹਦੇ ਮੀਂਹ ਵਿੱਚ ਨਗਰ ਨਿਗਮ ਦੀ ਫਾਇਰ ਐਂਡ ਰੈਸਕਿਊ ਸਰਵਿਸ ਦੀ ਟੀਮ ਨੇ ਪੂਰੇ ਸ਼ਹਿਰ ਵਿੱਚ ਤਿਰੰਗਾ ਯਾਤਰਾ ਕੱਢੀ। ਉਨ੍ਹਾਂ ਸਮਰਪਣ ਅਤੇ ਬਹਾਦਰੀ ਨਾਲ ਦੇਸ਼ ਦੇ ਜਜ਼ਬੇ ਅਤੇ ਏਕਤਾ ਨੂੰ ਯਾਦ ਕਰਦੇ ਹੋਏ ਸ਼ਹਿਰ ਵਿੱਚ ਤਿਰੰਗਾ ਯਾਤਰਾ ਕੱਢੀ ਅਤੇ ਦੇਸ਼ ਦੇ ਮਾਣ ਤੇ ਸ਼ਾਨ ਲਈ ਲੋਕਾਂ ਵਿੱਚ ਉਤਸ਼ਾਹ ਪੈਦਾ ਕੀਤਾ। ਆਜ਼ਾਦੀ ਦਿਹਾੜੇ ਮੌਕੇ ਪ੍ਰਸ਼ਾਸਨ ਅਤੇ ਨਗਰ ਨਿਗਮ ਵੱਲੋਂ ਆਪੋ-ਆਪਣੇ ਪੱਧਰ ’ਤੇ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਆਪਣੇ ਮੁਲਾਜ਼ਮਾਂ ਅਤੇ ਆਮ ਲੋਕਾਂ ਨੂੰ ਦੇਸ਼ ਤੇ ਸਮਾਜ ਲਈ ਸ਼ਲਾਘਾਯੋਗ ਕੰਮ ਕਰਨ ਵਾਸਤੇ ਸਨਮਾਨਿਤ ਕੀਤਾ ਜਾਵੇਗਾ। ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਪ੍ਰਸ਼ਾਸਨ ਵੱਲੋਂ ਮੁੱਖ ਸਮਾਗਮ ਲਈ ਸੈਕਟਰ 17 ਸਥਿਤ ਪਰੇਡ ਗਰਾਊਂਡ ਵਿੱਚ ਵਾਟਰਪਰੂਫ ਟੈਂਟ ਲਗਾਇਆ ਗਿਆ ਹੈ। ਸਮਾਗਮ ਵਾਲੀ ਥਾਂ ਦੇ ਆਲੇ-ਦੁਆਲੇ ਆਵਾਜਾਈ ਸਬੰਧੀ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਸਮਾਗਮ ਦੌਰਾਨ ਆਲੇ-ਦੁਆਲੇ ਦੀਆਂ ਸੜਕਾਂ ’ਤੇ ਆਮ ਲੋਕਾਂ ਦੇ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਲਗਾਈ ਗਈ ਹੈ।