ਪੱਤਰ ਪ੍ਰੇਰਕ
ਜਲੰਧਰ, 14 ਅਗਸਤ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਜਲੰਧਰ ਦੇ ਦਫ਼ਤਰ ਵਿਖੇ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਇਕੱਠੇ ਹੋ ਕੇ ਜ਼ਿਲ੍ਹਾ ਸਿੱਖਿਆ ਅਫਸਰ ਜਲੰਧਰ ਦੇ ਰਾਹੀਂ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਪੰਜਾਬ ਦੇ ਨਾਂ ’ਤੇ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਭੇਜੇ। ਅੱਜ ਦਾ ਇਹ ਰੋਸ ਮੁਜਾਹਰਾ ਜ਼ਿਲ੍ਹਾ ਸਿੱਖਿਆ ਅਫਸਰ ਦੇ ਦਫ਼ਤਰ ਵਿਖੇ ਅਧਿਆਪਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਕੀਤਾ। ਧਰਨੇ ਦੀ ਸਮੁੱਚੀ ਕਾਰਵਾਈ ਨੂੰ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਸੁਖਵਿੰਦਰ ਸਿੰਘ ਮੱਕੜ ਨੇ ਚਲਾਈ। ਇਸ ਸਮੇਂ ਜ਼ਿਲ੍ਹਾ ਪ੍ਰਧਾਨ ਕਰਨੈਲ ਫਿਲੌਰ, ਜਨਰਲ ਸਕੱਤਰ ਸੁਖਵਿੰਦਰ ਸਿੰਘ ਮੱਕੜ, ਪ੍ਰੈਸ ਸਕੱਤਰ ਵੇਦ ਰਾਜ, ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਕੁਲਾਰ ਜੁਆਇੰਟ ਸਕੱਤਰ ਗੁਰਮੇਲ ਸਿੰਘ ਕੁਲਰੀਆਂ, ਪ.ਸ.ਸ.ਫ. ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਕੁਲਦੀਪ ਵਾਲੀਆ ਤੇ ਹੋਰ ਆਗੂਆਂ ਨੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਅਧਿਆਪਕਾਂ ਦੀਆਂ ਮੰਗਾਂ ਤੇ ਪੰਜਾਬ ਸਰਕਾਰ ਤੇ ਵਿਭਾਗੀ ਅਫਸਰਸ਼ਾਹੀ ਕੰਮ ਕਰਨ ਤੋਂ ਟਾਲਾ ਵੱਟ ਰਹੀ ਹੈ। ਇਸ ਸਮੇਂ ਕਰਨੈਲ ਫਿਲੌਰ ਨੇ ਕਿਹਾ ਕਿ ਅਗਰ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਸਤੰਬਰ ਦੇ ਪਹਿਲੇ ਹਫਤੇ ਮੁਹਾਲੀ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।