ਪੱਤਰ ਪ੍ਰੇਰਕ
ਗੜ੍ਹਸ਼ੰਕਰ, 14 ਅਗਸਤ
ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਅਤੇ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਨੇ ਅਧਿਆਪਕ ਆਗੂਆਂ ਦੇ ਘਰਾਂ ਵਿੱਚ ਮਾਰੇ ਜਾ ਹੇ ਛਾਪੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕੀਤੀ ਹੈ। ਜਾਰੀ ਬਿਆਨ ਵਿੱਚ ਡੀਟੀਐੱਫ ਦੇ ਸੂਬਾ ਆਗੂਆ ਸੰਯੁਕਤ ਸਕੱਤਰ ਮੁਕੇਸ਼ ਕੁਮਾਰ, ਸੂਬਾ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ ਅਤੇ ਪੰਜਾਬ ਦੇ ਸਕੇਲ ਬਹਾਲੀ ਸਾਂਝਾ ਫਰੰਟ ਦੇ ਸੂਬਾ ਆਗੂ ਸੰਦੀਪ ਗਿੱਲ ਅਤੇ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਦੇ ਆਗੂਆਂ ਵੱਲੋਂ ਜਲੰਧਰ ਤੇ ਲੁਧਿਆਣਾ ਵਿਖੇ ਮੁੱਖ ਮੰਤਰੀ ਪੰਜਾਬ ਦੇ ਪ੍ਰੋਗਰਾਮ ’ਚ ਕਾਲੀਆ ਝੰਡੀਆ ਦਿਖਾਉਣ ਦੇ ਐਲਾਨ ਮਗਰੋਂ ਅੱਜ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫ਼ਰੰਟ ਦੇ ਆਗੂਆਂ ਦੇ ਘਰ ਛਾਪੇ ਮਾਰੇ ਗਏ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗਾਂ ’ਚ ਮਸਲੇ ਹੱਲ ਕਰਨ ਦੀ ਬਜਾਏ ਆਗੂਆਂ ਦਾ ਮੂੰਹ ਬੰਦ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸੇ ਕੜੀ ਤਹਿਤ ਅੱਜ ਸਵੇਰੇ ਜਲਾਲਾਬਾਦ ਪੁਲੀਸ ਪ੍ਰਸ਼ਾਸਨ ਵੱਲੋਂ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫ਼ਰੰਟ ਦੇ ਸੂਬਾਈ ਆਗੂ ਰਸ਼ਪਾਲ ਸਿੰਘ ਜਲਾਲਾਬਾਦ ਦੇ ਘਰ ਛਾਪੇ ਮਾਰਿਆ ਗਿਆ ਅਤੇ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੂਬਾ ਆਗੂ ਜਸਵੰਤ ਘੁਬਾਇਆ ਨੂੰ ਥਾਣੇ ਡੱਕਿਆ ਗਿਆ। ਉਨ੍ਹਾਂ ਕਿਹਾ ਕਿ ਇਹ ਜਮਹੂਰੀਅਤ ਦਾ ਗਲ਼ਾ ਘੁੱਟਣ ਵਾਲੀ ਕਾਰਵਾਈ ਹੈ। ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਕਰਨ ਦੀ ਬਜਾਏ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਵਾਅਦੇ ਆਗੂਆਂ ਨੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਵੱਲ ਧਿਆਨ ਦਿੱਤਾ ਜਾਵੇ।