ਪੱਤਰ ਪ੍ਰੇਰਕ
ਬਨੂੜ, 16 ਅਗਸਤ
ਸੰਯੁਕਤ ਕਿਸਾਨ ਮੋਰਚਾ ਗ਼ੈਰ-ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਬਨੂੜ ਤੋਂ ਸ਼ੰਭੂ ਬਾਰਡਰ ਤੱਕ ਭਾਰੀ ਮੀਂਹ ਦੇ ਬਾਵਜੂਦ ਟਰੈਕਟਰ ਮਾਰਚ ਕੱਢਿਆ ਗਿਆ। ਕਿਸਾਨਾਂ ਨੇ ਇਸ ਮੌਕੇ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਮੁਹਾਲੀ ਦੇ ਪ੍ਰਧਾਨ ਤਰਲੋਚਨ ਸਿੰਘ ਨੰਡਿਆਲੀ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸਿਆਊ ਸਾਬਕਾ ਸਰਪੰਚ, ਭੂਰਾ ਜੰਗਪੁਰਾ, ਭੁਪਿੰਦਰ ਸਿੰਘ ਨੰਡਿਆਲੀ ਅਤੇ ਮੌਂਟੀ ਜੰਗਪੁਰਾ ਦੀ ਅਗਵਾਈ ਹੇਠ ਕਿਸਾਨ ਅਨਾਜ ਮੰਡੀ ਵਿਚ ਇਕੱਤਰ ਹੋਏ। ਇਸ ਮਗਰੋਂ ਉਹ ਟਰੈਕਟਰਾਂ ਅਤੇ ਹੋਰ ਵਾਹਨਾਂ ਉੱਤੇ ਨਾਅਰੇਬਾਜ਼ੀ ਕਰਦੇ ਹੋਏ ਸ਼ੰਭੂ ਬਾਰਡਰ ਲਈ ਰਵਾਨਾ ਹੋਏ। ਉਪਰੋਕਤ ਆਗੂਆਂ ਨੇ ਇਸ ਮੌਕੇ ਕੇਂਦਰ ਸਰਕਾਰ ਦੇ ਕਿਸਾਨ ਮੰਗਾਂ ਪ੍ਰਤੀ ਅੜੀਅਲ ਵਤੀਰੇ ਦੀ ਨਿਖੇਧੀ ਕੀਤੀ। ਉਨ੍ਹਾਂ ਨਵੇਂ ਕਾਨੂੰਨਾਂ ਨੂੰ ਸਮਾਜ ਲਈ ਬੇਹਦ ਮਾਰੂ ਦੱਸਦਿਆਂ ਇਨ੍ਹਾਂ ਨੂੰ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ।
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਅੰਬਾਲਾ ਜ਼ਿਲ੍ਹੇ ਦੇ ਕਿਸਾਨਾਂ ਨੇ ਵੀਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਬੈਨਰ ਹੇਠ ਆਜ਼ਾਦੀ ਦਾ ਜਸ਼ਨ ਮਨਾਉਂਦਿਆਂ ਸ਼ਹਿਰ ਵਿਚ ਟਰੈਕਟਰ ਮਾਰਚ ਕੱਢਿਆਂ ਅਤੇ ਅਨਾਜ ਮੰਡੀ ਵਿਚ ਇਕੱਠੇ ਹੋ ਕੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਾਨੂੰਨਾਂ ਵਿਚ ਕੀਤੇ ਗਏ ਬਦਲਾਅ ਦੀਆਂ ਕਾਪੀਆਂ ਸਾੜ ਕੇ ਆਪਣਾ ਰੋਸ ਪ੍ਰਗਟਾਇਆ। ਇਸ ਮਾਰਚ ਵਿਚ ਕਿਸਾਨ ਆਪਣੇ ਟਰੈਕਟਰ ਲੈ ਕੇ ਵੱਡੀ ਗਿਣਤੀ ਵਿਚ ਸ਼ਾਮਲ ਹੋਏ।