ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਅਗਸਤ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਟੈਕਸ ਚੋਰੀ ਰੋਕਣ ਲਈ ਸ਼ੁਰੂ ਕੀਤੀ ਗਈ ‘ਬਿੱਲ ਲਿਆਓ, ਇਨਾਮ ਪਾਓ’ ਯੋਜਨਾ ਕਾਰਗਰ ਸਾਬਤ ਹੋ ਰਹੀ ਹੈ। ਇਸ ਯੋਜਨਾ ਅਧੀਨ ਵੱਡੀ ਗਿਣਤੀ ਵਿੱਚ ਲੋਕ ਪੰਜਾਬ ਵਿੱਚ ਖਰੀਦੋ-ਫਰੋਖ਼ਤ ਕਰਨ ’ਤੇ ਬਿੱਲ ਲੈ ਕੇ ‘ਮੇਰਾ ਬਿੱਲ’ ਐਪ ’ਤੇ ਅਪਲੋਡ ਕਰ ਰਹੇ ਹਨ ਅਤੇ ਕਰੋੜਾਂ ਰੁਪਏ ਦੇ ਇਨਾਮ ਹਾਸਲ ਕਰ ਰਹੇ ਹਨ। ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਮੇਰਾ ਬਿੱਲ ਐਪ ’ਤੇ ਹੁਣ ਤੱਕ ਕੁੱਲ 97,443 ਬਿੱਲ ਅਪਲੋਡ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 2601 ਜੇਤੂਆਂ ਨੇ 1.52 ਕਰੋੜ ਰੁਪਏ ਦੇ ਇਨਾਮ ਜਿੱਤੇ ਹਨ। ਸ੍ਰੀ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 2601 ਜੇਤੂਆਂ ਵਿੱਚੋਂ 1892 ਜੇਤੂਆਂ ਨੂੰ 1.11 ਕਰੋੜ ਰੁਪਏ ਦੇ ਇਨਾਮ ਪਹਿਲਾਂ ਹੀ ਵੰਡੇ ਜਾ ਚੁੱਕੇ ਹਨ।