ਖੇਤਰੀ ਪ੍ਰਤੀਨਿਧ
ਲੁਧਿਆਣਾ, 17 ਅਗਸਤ
ਜ਼ਿਲ੍ਹੇ ਦੀਆਂ ਜਨਤਕ ਜਥੇਬੰਦੀਆਂ ਨੇ ਕੋਲਕਾਤਾ ਦੇ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇੱਕ ਡਾਕਟਰ ਨਾਲ ਜਬਰ-ਜਨਾਹ ਮਗਰੋਂ ਉਸ ਦਾ ਬੇਰਹਿਮੀ ਨਾਲ ਕਤਲ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਜਨਤਕ ਜਥੇਬੰਦੀਆਂ ਸ਼ਹੀਦ ਭਗਤ ਸਿੰਘ ਵਿਚਾਰ ਮੰਚ, ਜਮਹੂਰੀ ਅਧਿਕਾਰ ਸਭਾ ਪੰਜਾਬ, ਇਨਕਲਾਬੀ ਮਜ਼ਦੂਰ ਕੇਂਦਰ, ਤਰਕਸ਼ੀਲ ਸੁਸਾਇਟੀ ਨੇ ਭਾਜਪਾ ਤੇ ਬੰਗਾਲ ਸਰਕਾਰ ਅਤੇ ਹਸਪਤਾਲ ਪ੍ਰਸ਼ਾਸਨ ਵੱਲੋਂ ਇਸ ਗੁੰਡਾਗਰਦੀ ਨੂੰ ਸ਼ਹਿ ਦੇਣ ਖਿਲਾਫ਼ ਇਨਸਾਫ਼ ਪਸੰਦ ਲੋਕਾਂ ਅਤੇ ਜਥੇਬੰਦੀਆਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ ਹੈ। ਆਗੂਆਂ ਪ੍ਰੋ. ਏ ਕੇ ਮਲੇਰੀ, ਜਸਵੰਤ ਜ਼ੀਰਖ, ਡਾ. ਹਰਬੰਸ ਗਰੇਵਾਲ, ਕਾਮਰੇਡ ਸੁਰਿੰਦਰ, ਬਲਵਿੰਦਰ ਸਿੰਘ ਅਤੇ ਪ੍ਰਿੰਸੀਪਲ ਅਜਮੇਰ ਦਾਖਾ ਨੇ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਉਨਾਓ, ਕਠੂਆ, ਮੁਜੱਫਰਪੁਰ, ਬਨਾਰਸ ਤੇ ਬਿਲਕੀਸ ਬਾਨੋ ਆਦਿ ਅਨੇਕਾਂ ਹੀ ਅਜਿਹੀਆਂ ਘਟਨਾਵਾਂ ਹਨ ਜਿਨ੍ਹਾਂ ਦੇ ਕਥਿਤ ਦੋਸ਼ੀਆਂ ਦੀ ਪਿੱਠ ’ਤੇ ਭਾਜਪਾ ਖੜ੍ਹਦੀ ਰਹੀ ਹੈ। ਦੂਜੇ ਪਾਸੇ ਭੀਮਾ ਕੋਰੇਗਾਓਂ ਵਰਗੇ ਝੂਠੇ ਕੇਸਾਂ ਵਿੱਚ ਕਿੰਨੇ ਹੀ ਬੇਕਸੂਰ ਲੋਕਾਂ ਨੂੰ ਜੇਲ੍ਹਾਂ ’ਚ ਬੰਦ ਕੀਤਾ ਹੋਇਆ ਹੈ ਅਤੇ ਉਨ੍ਹਾਂ ਦੀ ਜ਼ਮਾਨਤ ਵੀ ਨਹੀਂ ਹੋ ਰਹੀ। ਆਗੂਆਂ ਨੇ ਕਿਹਾ ਕਿ ਇਨਸਾਨੀਅਤ ਦੇ ਇਸ ਘਾਣ ਨੂੰ ਸਿਰਫ਼ ਲੋਕ ਤਾਕਤ ਨਾਲ ਹੀ ਰੋਕਿਆ ਜਾ ਸਕਦਾ ਹੈ। ਆਗੂਆਂ ਨੇ ਇਸ ਮਾਮਲੇ ਦੀ ਨਿਆਂਇਕ ਜਾਂਚ ਕਰ ਕੇ ਕਥਿਤ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।