ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 17 ਅਗਸਤ
ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਜ਼ਿਲ੍ਹਾ ਮਾਲੇਰਕੋਟਲਾ ਇਕਾਈ ਦੀ ਇੱਕ ਬੈਠਕ ਇੱਥੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਐਸੋਸੀਏਸ਼ਨ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਬੈਠਕ ਵਿੱਚ ਕਿਸਾਨ ਮੰਗਾਂ ਅਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ। ਬੈਠਕ ਨੂੰ ਸੰਬੋਧਨ ਕਰਦਿਆਂ ਸ੍ਰੀ ਬਹਿਰੂ ਨੇ ਕਿਹਾ ਕਿ ਕੇਂਦਰੀ ਅਤੇ ਸੂਬਾ ਸਰਕਾਰਾਂ ਦੀਆਂ ਕਿਸਾਨ ਮਾਰੂ ਅਤੇ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਕਿਸਾਨੀ ਘਾਟੇ ਦਾ ਧੰਦਾ ਬਣ ਗਈ ਹੈ। ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਲਾਹੇਵੰਦ ਭਾਅ ਨਾ ਮਿਲਣ ਕਾਰਨ ਕਿਸਾਨ ਸਾਰੀ ਉਮਰ ਕਰਜ਼ਾ ਹੇਠ ਜੀਵਨ ਗੁਜ਼ਾਰਦਾ ਹੈ। ਸ੍ਰੀ ਬਹਿਰੂ ਨੇ ਕਿਹਾ ਕਿ ਸਹਿਕਾਰੀ ਸਭਾਵਾਂ ’ਚ ਆਈ ਗ਼ੈਰ ਮਿਆਰੀ ਡੀਏਪੀ ਖਾਦ ਦਾ ਮਾਮਲਾ ਅਤਿ ਗੰਭੀਰ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਸ਼ਾਮਲ ਸਾਰੀਆਂ ਧਿਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਗੁਰਦੇਵ ਸਿੰਘ ਸੰਗਾਲਾ ਨੇ ਕਿਹਾ ਕਿ ਖੇਤੀਬਾੜੀ ਮਹਿਕਮੇ ਨੂੰ ਨਿਯਮਿਤ ਤੌਰ ’ਤੇ ਨਕਲੀ ਬੀਜ, ਖਾਦ ਤੇ ਕੀਟਨਾਸ਼ਕ ਦੀ ਵਿੱਕਰੀ ਰੋਕਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।